ਖੇਤ ਮਜ਼ਦੂਰਾਂ ਵੱਲੋਂ ਹੱਕੀ ਤੇ ਭਖਦੀਆਂ ਮੰਗਾਂ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਧਰਨੇ ਦੇਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 28 ਦਸੰਬਰ 2024:ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਹੱਕੀ, ਭਖਦੀਆਂ ਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ 23 ਤੇ 24 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਅੱਗੇ ਧਰਨੇ ਦੇਣ ਉਪਰੰਤ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਫੈਸਲਾ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੌਰਾਨ ਲਿਆ ਗਿਆ । ਮੀਟਿੰਗ ਵਿੱਚ ਸੂਬਾ ਪ੍ਰਧਾਨ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ,ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਮੇਜ਼ਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ ਤੇ ਹਰਭਗਵਾਨ ਸਿੰਘ ਮੂਣਕ ਵੀ ਮੌਜੂਦ ਸਨ। ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤ ਮਜ਼ਦੂਰਾਂ ਨੂੰ ਕਿਤੇ ਕੋਈ ਕੰਮ ਨਹੀਂ ਮਿਲ ਰਿਹਾ ਉਤੋਂ ਆਟੇ ,ਦਾਲਾਂ ,ਸਬਜੀਆਂ ਦੀ ਸਿਖਰਾਂ ਛੋਹ ਰਹੀ ਮਹਿੰਗਾਈ ਅਤੇ ਬਾਲਣ ਦੀ ਤੋਟ ਵਰਗੀਆਂ ਸਮੱਸਿਆਵਾਂ ਨੇ ਖੇਤ ਮਜ਼ਦੂਰਾਂ ਲਈ ਫਾਕੇ ਕੱਟਣ ਵਰਗੀਆਂ ਹਾਲਤਾਂ ਪੈਦਾ ਕਰ ਦਿੱਤੀਆਂ ਹਨ ਜਿਸ ਕਾਰਨ ਮਜ਼ਦੂਰਾਂ ਕੋਲ ਸੰਘਰਸ਼ ਕਰਨ ਬਿਨਾਂ ਕੋਈ ਚਾਰਾ ਨਹੀਂ।
ਉਹਨਾਂ ਕੇਂਦਰ ਦੀ ਮੋਦੀ ਸਰਕਾਰ ਵਾਂਗ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਦਾ ਦੋਸ਼ ਲਾਉਂਦਿਆਂ ਮਜ਼ਦੂਰ ਵਰਗ ਨਾਲ ਵਿਤਕਰੇਬਾਜ਼ੀ ਕਰਨ ਦੀ ਤਿੱਖੀ ਨੁਕਤਾਚੀਨੀ ਕੀਤੀ। ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਹਨਾਂ ਪ੍ਰਦਰਸ਼ਨਾਂ ਦੌਰਾਨ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਰਾਸ਼ਨ ਡਿੱਪੂਆਂ ਰਾਹੀਂ ਰਸੋਈ ਵਰਤੋਂ ਦੀਆਂ ਜ਼ਰੂਰੀ ਵਸਤਾਂ ਸਭਨਾਂ ਲੋੜਵੰਦਾਂ ਨੂੰ ਸਸਤੇ ਭਾਅ ਦੇਣ,ਬਾਲਣ ਦੀ ਸਮੱਸਿਆ ਦੇ ਹੱਲ ਲਈ ਗੈਸ ਸਿਲੰਡਰਾਂ ਤੇ ਵਿਸ਼ੇਸ਼ ਸਬਸਿਡੀ ਦੇਣ, ਮਨਰੇਗਾ ਤਹਿਤ ਸਾਲ ਭਰ ਦਾ ਰੁਜਗਾਰ ਦੇਣ,ਦਿਹਾੜੀ 700 ਰੁਪਏ ਕਰਨ, ਫਸਟ ਲੁਕੇਸ਼ਨ ਤੋਂ ਹੀ ਹਾਜ਼ਰੀ ਲਾਉਣ ਦੀ ਸ਼ਰਤ ਖ਼ਤਮ ਕਰਨ ਦੀ ਮੰਗ ਕੀਤੀ ਜਾਏਗੀ।
ਇਸ ਤੋਂ ਇਲਾਵਾ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ, ਵਿਧਾਨ ਸਭਾ ਦਾ ਸੈਸ਼ਨ ਬੁਲਾਕੇ ਕੇਂਦਰ ਵੱਲੋਂ ਭੇਜਿਆ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ,ਮਜ਼ਦੂਰਾਂ ਨੂੰ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਮੁੱਹਈਆ ਕਰਵਾਉਣ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਲਾਲ਼ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਪੈਨਸ਼ਨਾਂ ਦੀ ਰਾਸ਼ੀ 'ਚ ਵਾਧਾ ਕਰਨ , ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਅਤੇ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ ਦੀ ਗਰੰਟੀ ਕਰਨ ਵਰਗੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਧਰਨਿਆਂ ਦੀ ਤਿਆਰੀ ਲਈ ਪਿੰਡਾਂ ਅੰਦਰ ਰੈਲੀਆਂ ਤੇ ਮਾਰਚ ਵੀ ਕੀਤੇ ਜਾਣਗੇ। ਇਸ ਮੌਕੇ ਮਤਾ ਪਾਸ ਕਰਕੇ ਬਠਿੰਡਾ ਨੇੜੇ ਬੱਸ ਹਾਦਸੇ ਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕਰਦਿਆਂ ਪੀੜਤ ਪਰਿਵਾਰਾਂ ਨਾਲ ਨਾਲ ਦੁੱਖ ਸਾਂਝਾ ਕੀਤਾ ਗਿਆ।