MCC ਨੇ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲਿਆਂ ਵਿਰੁੱਧ 'ਨੋ ਵਰਕ ਨੋ ਪੇਅ' ਲਾਗੂ ਕਰਨ ਦਾ ਫੈਸਲਾ ਕੀਤਾ
ਚੰਡੀਗੜ੍ਹ, 30 ਦਸੰਬਰ 2024 - ਡੋਰ ਟੂ ਡੋਰ ਕੂੜਾ ਇਕੱਠਾ ਕਰਨ ਵਾਲਿਆਂ ਦੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਚੰਡੀਗੜ੍ਹ ਨੇ ‘ਨੋ ਵਰਕ ਨੋ ਪੇਅ’ ਦੇ ਸਿਧਾਂਤ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਅਨੁਸਾਰ, ਡੋਰ-ਟੂ-ਡੋਰ ਕੂੜਾ-ਕਰਕਟ ਇਕੱਠਾ ਕਰਨ ਵਾਲੇ ਜਿਨ੍ਹਾਂ ਨੇ ਹੜਤਾਲ ਵਿੱਚ ਹਿੱਸਾ ਲਿਆ ਹੈ, ਉਨ੍ਹਾਂ ਦੀ ਤਨਖ਼ਾਹ/ਭੁਗਤਾਨ ਉਨ੍ਹਾਂ ਦਿਨਾਂ ਲਈ ਕੱਟਿਆ ਜਾਵੇਗਾ ਜਿੰਨਾਂ ਦਿਨ ਉਹ ਹੜਤਾਲ 'ਤੇ ਰਹਿਣਗੇ। ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲਿਆਂ ਵੱਲੋਂ 21.12.2024 ਨੂੰ ਹੜਤਾਲ ਕੀਤੀ ਗਈ ਸੀ।
ਇਹ ਹੁਕਮ ਅੱਜ ਇਥੇ ਜਾਰੀ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ, ਆਈਏਐਸ ਨੇ ਕਿਹਾ ਕਿ ਕਥਿਤ ਤੌਰ 'ਤੇ ਡੋਰ ਟੂ ਡੋਰ ਕੂੜਾ ਇਕੱਠਾ ਕਰਨ ਵਾਲਿਆਂ ਦੇ ਇੱਕ ਹਿੱਸੇ ਨੇ ਹੜਤਾਲ ਕੀਤੀ ਹੈ, ਜਿਸ ਕਾਰਨ ਨਗਰ ਨਿਗਮ ਚੰਡੀਗੜ੍ਹ ਦੁਆਰਾ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਪਿਆ ਹੈ। ਵਾਰ-ਵਾਰ ਕੰਮ 'ਤੇ ਪਰਤਣ ਦੀ ਅਪੀਲ ਦੇ ਬਾਵਜੂਦ ਹੜਤਾਲ ਜਾਰੀ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੇਵਾਵਾਂ ਦੀ ਨਿਰੰਤਰਤਾ ਨੂੰ ਕਾਇਮ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਕਮਿਸ਼ਨਰ ਨੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਤੁਰੰਤ ਕੰਮ 'ਤੇ ਪਰਤਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੰਡੀਗੜ੍ਹ ਮਸਲਿਆਂ ਦੇ ਹੱਲ ਲਈ ਉਸਾਰੂ ਗੱਲਬਾਤ ਕਰਨ ਲਈ ਤਿਆਰ ਹੈ, ਪਰ ਪਹਿਲਾਂ ਹੜਤਾਲ ਖ਼ਤਮ ਕੀਤੀ ਜਾਣੀ ਚਾਹੀਦੀ ਹੈ।