ਸ਼੍ਰੋਮਣੀ ਕਮੇਟੀ ਨੇ ਯੂ.ਪੀ. ’ਚ ਤਿੰਨ ਸਿੱਖ ਨੌਜਵਾਨਾਂ ਦੇ ਮੁਕਾਬਲੇ ਦੀ ਕੀਤੀ ਨਿਖੇਧੀ, ਮੰਗੀ ਜੁਡੀਸ਼ੀਅਲ ਜਾਂਚ
ਗੁਰਪ੍ਰੀਤ ਸਿੰਘ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 31 ਦਸੰਬਰ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕੀਤੀ ਹੈ।
ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।