ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਵਾਅਦਿਆਂ ਦਾ ਬਬਾਣ ਕੱਢ ਕੇ ਫੂਕੀ ਝਾੜੂਆਂ ਦੀ ਪੰਡ
ਅਸ਼ੋਕ ਵਰਮਾ
ਬਠਿੰਡਾ, 31 ਦਸੰਬਰ 2024:ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਅੱਜ ਬਠਿੰਡਾ ਵਿੱਚ ਪੰਜਾਬ ਸਰਕਾਰ ਵੱਲੋਂ ਉਹਨਾਂ ਨਾਲ ਕੀਤੇ ਵਾਅਦਿਆਂ ਦਾ ਵਿਮਨ ਕੱਢਿਆ ਅਤੇ ਫਿਰ ਰੋਸ ਮਾਰਚ ਕਰਦਿਆਂ ਹੋਇਆਂ ਅਰਥੀ ਅਤੇ ਝਾੜੂ ਦੀ ਪੰਡ ਫੂਕੀ।ਸੂਬਾ ਪੱਧਰੀ ਸੰਘਰਸ਼ ਦੇ ਤਹਿਤ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜ਼ਿਲ੍ਹਾ ਬਠਿੰਡਾ ਦੇ ਕੰਪਿਊਟਰ ਅਧਿਆਪਕਾਂ ਨੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਪਿੱਟ ਸਿਆਪਾ ਵੀ ਕੀਤਾ। ਇਸ ਮੌਕੇ ਈਸ਼ਰ ਸਿੰਘ, ਗੁਰਦੀਪ ਸਿੰਘ, ਗੁਰਬਖਸ਼ ਲਾਲ, ਸ਼ੇਫੀ ਗੋਇਲ, ਹਰਜੀਵਨ ਸਿੰਘ, ਕਮਲਜੀਤ ਸਿੰਘ, ਅਨੀਤਾ, ਮੀਨੂ, ਪ੍ਰਤਿਭਾ, ਜਗਪਾਲ ਬੰਗੀ, ਕੁਲਵਿੰਦਰ ਕਟਾਰੀਆ, ਮਨਜੀਤ ਸਿੰਘ ਆਦਿ ਨੇ ਦੱਸਿਆ ਕਿ ਉਹਨਾਂ ਵੱਲੋਂ ਇੱਕ ਸਤੰਬਰ ਤੋਂ ਕੰਪਿਊਟਰ ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਪਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ।
ਉਹਨਾਂ ਕਿਹਾ ਕਿ ਉਹ 4 ਦਿਨ ਤੇ 3 ਰਾਤਾਂ ਮੁੱਖ ਮੰਤਰੀ ਦੀ ਕੋਠੀ ਅੱਗੇ ਅੱਤ ਦੀ ਸਰਦੀ ਦੇ ਵਿੱਚ ਵੀ ਬੈਠੇ ਰਹੇ ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਹਨਾਂ ਦੀ ਗੱਲ ਨਹੀਂ ਸੁਣੀ, ਜਿਸ ਮਗਰੋਂ ਉਨਾਂ ਦੇ ਸਾਥੀ ਜੋਨੀ ਸਿੰਗਲਾ ਵੱਲੋਂ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਤੇ ਅੱਜ ਉਹ 10ਵੇਂ ਦਿਨ ਵੀ ਡਟਿਆ ਹੋਇਆ ਹੈ। ਪਰ ਤਰਾਸਦੀ ਦੀ ਗੱਲ ਇਹ ਹੈ ਕਿ ਜਿੱਥੇ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਕਾਰਨ ਕੇਂਦਰ ਸਰਕਾਰ ਨੂੰ ਕੋਸ ਰਹੇ ਹਨ ਉੱਥੇ ਉਹਨਾਂ ਦੇ ਆਪਣੇ ਘਰ ਅੱਗੇ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਉਹਨਾਂ ਨੂੰ ਵਿਖਾਈ ਨਹੀਂ ਦੇ ਰਹੇ।
ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਉਹਨਾਂ ਦੀ ਸਰਕਾਰ ਬਣਨ ਤੇ ਇਹਨਾਂ ਸਾਰੀਆਂ ਮੰਗਾਂ ਨੂੰ ਬਿਨਾਂ ਦੇਰੀ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਚੋਣ ਜੁਮਲਾ ਹੀ ਸਾਬਿਤ ਹੋਇਆ ਹੈ। ਉਹਨਾਂ ਅੱਗੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਉਹਨਾਂ ਦੀਆਂ ਦਰਜਨਾਂ ਮੀਟਿੰਗਾਂ ਹੀ ਹੋ ਚੁੱਕੀਆਂ ਹਨ, ਉਹ ਉਹਨਾਂ ਦੀਆਂ ਮੰਗਾਂ ਸਬੰਧੀ ਭਲੀਭਾਂਤ ਜਾਣੂ ਹਨ ਪਰ ਦੋਵਾਂ ਮੰਤਰੀਆਂ ਦੇ ਨਾਲ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਸਬ ਕਮੇਟੀ ਦੇ ਮੈਂਬਰ ਵੀ ਹਨ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੀ ਵੱਖ-ਵੱਖ ਮੀਟਿੰਗਾਂ ਦੇ ਦੌਰਾਨ ਉਨਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਪਿਛਲੀਂ ਸਰਕਾਰਾਂ ਦੇ ਪਦਚਿੰਨ੍ਹਾਂ ਤੇ ਹੀ ਚੱਲ ਰਹੇ ਹਨ।
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ
ਕੰਪਿਊਟਰ ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਾਕੀ ਕਰਮਚਾਰੀਆਂ ਵਾਂਗ ਬਹਾਲ ਕੀਤੇ ਜਾਣ ਉਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ। ਕੰਪਿਊਟਰ ਅਧਿਆਪਕਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਦੇਰੀ ਅਤੇ ਬਿਨਾਂ ਸ਼ਰਤ ਪੂਰਾ ਨਾ ਕੀਤਾ ਤਾਂ ਉਹ ਪੂਰੇ ਪੰਜਾਬ ਵਿੱਚ ਇੱਕ ਵੱਡਾ ਜਨ ਅੰਦੋਲਨ ਛੇੜ ਦੇਣਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਕਿਸੇ ਨਿਰਣਾਇਕ ਮੋੜ ਤੇ ਹੀ ਜਾ ਕੇ ਪੂਰਾ ਹੋਵੇਗਾ। ਉਹਨਾਂ ਕਿਹਾ ਕਿ ਜਿੱਥੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਇਸ ਸੰਘਰਸ਼ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋ ਰਹੇ ਹਨ ਉੱਥੇ ਉਹਨਾਂ ਨੂੰ ਭਰਾਤਰੀ ਜਥੇਬੰਦੀਆਂ ਦੇ ਨਾਲ ਨਾਲ ਕਿਸਾਨ ਜਥੇਬੰਦੀਆਂ ਦਾ ਵੀ ਵੱਡੀ ਗਿਣਤੀ ਵਿੱਚ ਸਮਰਥਨ ਮਿਲ ਰਿਹਾ ਹੈ।