ਗਣਤੰਤਰ ਦਿਵਸ ਮਨਾਉਣ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਹੋਈ ਬੈਠਕ
ਫਾਜ਼ਿਲਕਾ, 2 ਜਨਵਰੀ
ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਅਗਵਾਈ ਹੇਠ ਬੈਠਕ ਹੋਈ। ਬੈਠਕ ਵਿਚ ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਇਸ ਖਾਸ ਦਿਨ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਲਈ ਹੁਣੇ ਤੋਂ ਹੀ ਸਾਰੀਆਂ ਤਿਆਰੀਆਂ ਆਰੰਭ ਕਰ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇੱਥੇ ਸਫਾਈ ਦੀ ਵਿਵਸਥਾ ਕਰਨ ਦੀ ਹਦਾਇਤ ਕੀਤੀ। ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ।
ਇਸ ਮੌਕੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਹੋਵੇਗੀ ਜੋ ਕਿ ਦੇਸ਼ ਭਗਤੀ ਅਤੇ ਪੰਜਾਬ ਦੀ ਵਿਰਾਸਤ ਦੇ ਰੰਗਾਂ ਨੂੰ ਪੇਸ਼ ਕਰਣਗੀਆਂ। ਇਸ ਤੋਂ ਬਿਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਵਿਭਾਗੀ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਇਸ ਮੌਕੇ ਸਜਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਮਹਿਕਮਾ ਤਨਦੇਹੀ ਨਾਲ ਕੰਮ ਕਰੇਗਾ।
ਇਸ ਮੌਕੇ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਸ੍ਰੀ ਗੁਰਦਾਸ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ, ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਸਿੱਖਿਆ ਅਫ਼ਸਰ ਪਰਮਿੰਦਰ ਸਿੰਘ, ਪ੍ਰਿੰਸੀਪਲ ਸਤਿੰਦਰ ਬੱਤਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।