ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਡੀ.ਸੀ. ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ 'ਚ ਪੂਰੇ ਕਰਨ ਦੇ ਨਿਰਦੇਸ਼
-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਮੌਕੇ 'ਤੇ ਜਾ ਕੇ ਲਿਆ ਜਾਵੇਗਾ ਜਾਇਜ਼ਾ : ਡਾ. ਪ੍ਰੀਤੀ ਯਾਦਵ
ਪਟਿਆਲਾ, 2 ਜਨਵਰੀ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰੇ ਕਰਨੇ ਯਕੀਨੀ ਬਣਾਏ ਜਾਣ ਅਤੇ ਚੱਲ ਰਹੇ ਸਾਰੇ ਕੰਮਾਂ ਦੀ ਪੜਾਅ ਵਾਰ ਟਾਈਮ ਲਾਈਨ ਨਿਸ਼ਚਿਤ ਕੀਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਨਗਰ ਨਿਗਮ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ, ਸੜਕਾਂ ਦੀ ਮੁਰੰਮਤ, ਠੋਸ ਕੂੜਾ ਪ੍ਰਬੰਧਨ, ਮਾਡਲ ਸਬ ਰਜਿਸਟਰਾਰ ਦਫ਼ਤਰ, ਨਾਰਥਨ ਬਾਈਪਾਸ, ਐਸ.ਟੀ.ਪੀ ਤੇ ਡਬਲਿਊ.ਟੀ.ਪੀ, ਬਰਸਾਤਾਂ ਦੇ ਮੌਸਮ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਦੇ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਬੰਧਤ ਵਿਭਾਗਾਂ ਨਾਲ ਬੈਠਕ ਕਰਦਿਆਂ ਨਿਰਦੇਸ਼ ਦਿੱਤੇ ਕਿ ਸਾਰੇ ਚੱਲ ਕੰਮ ਬਿਨ੍ਹਾਂ ਕਿਸੇ ਦੇਰੀ ਦੇ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਕੰਮਾਂ ਵਿੱਚ ਇਕ ਤੋਂ ਜ਼ਿਆਦਾ ਵਿਭਾਗਾਂ ਦੀ ਸ਼ਮੂਲੀਅਤ ਹੈ ਉਹ ਨਿਰੰਤਰ ਮੀਟਿੰਗਾਂ ਕਰਕੇ ਆਪਸੀ ਤਾਲਮੇਲ ਨਾਲ ਕੰਮ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਦੀ ਵੱਡੀ ਸਮੱਸਿਆ ਰਹਿੰਦੀ ਹੈ, ਇਸ ਲਈ ਨਗਰ ਨਿਗਮ, ਨਗਰ ਸੁਧਾਰ ਟਰੱਸਟ ਤੇ ਪੀ.ਡੀ.ਏ ਆਪਣੇ ਅਧੀਨ ਪੈਂਦੇ ਖੇਤਰਾਂ ਦੀ ਹੁਣੇ ਤੋਂ ਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਲਈ ਕੰਮ ਕਰਨਾ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।