ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਪਿੰਡ ਜੌਲਾ ਕਲਾਂ ’ਚ ਸਜਾਇਆ ਨਗਰ ਕੀਰਤਨ
ਮਲਕੀਤ ਸਿੰਘ ਮਲਕਪੁਰ
ਲਾਲੜੂ 4 ਜਨਵਰੀ 2025: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਜੌਲਾ ਕਲਾਂ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ। ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਕਰਮਾ ਅਤੇ ਗਲੀਆਂ ਵਿੱਚ ਨੂੰ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੋਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਰਾ ਸਰਬੰਸ ਵਾਰ ਕੇ ਸਾਨੂੰ ਸਿੱਖੀ ਦਿੱਤੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਜੌਲਾ ਕਲਾਂ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ, ਮਹਿੰਦਰ ਸਿੰਘ, ਬਲਜੀਰ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਾਹੀਪਾਲ ਸਿੰਘ ਫੌਜੀ, ਮਨਿੰਦਰ ਸਿੰਘ, ਪ੍ਰੇਮ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ ।