ਪੰਜਾਬ ਸਰਕਾਰ ਨੇ ਅਨੁਸੂਚਿਤ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ : MLA ਗੁਰਦੀਪ ਸਿੰਘ ਰੰਧਾਵਾ
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 06 ਜਨਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਲਾਗੂ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਅਦਾਇਗੀ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2024-25 ਅਧੀਨ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 60 ਹਜ਼ਾਰ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਪੋਰਟਲ ਤੇ 2 ਲੱਖ 38 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪੱਛੜੀਆਂ ਸ਼ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹਨ ਵਾਲੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ ਸਰਕਾਰ ਵੱਲੋਂ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਰਾਹੀਂ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਜੀਵਨ ਵਿੱਚ ਨਵੇਂ ਬਦਲਾਅ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਆਦਰਸ਼ ਗ੍ਰਾਮ ਕੰਪੋਨੈਂਟ ਤਹਿਤ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਕੇਂਦਰੀ ਹਿੱਸੇ ਵਜੋਂ ਪ੍ਰਾਪਤ ਹੋਏ 39.98 ਕਰੋੜ ਰੁਪਏ ਜ਼ਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 382 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 6.62 ਕਰੋੜ ਰੁਪਏ ਦੇ ਕਰਜੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 87 ਲਾਭਪਾਤਰੀਆਂ ਨੂੰ 2.36 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ ਗਈ।