ਬਨਾਰਸ ਹਿੰਦੂ ਯੂਨੀਵਰਸਿਟੀ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ, ਵਿਚਾਰ ਪ੍ਰਗਟਾਵੇ ਦੀ ਆਜ਼ਾਦੀ 'ਤੇ ਹਮਲਾ: ਦੱਤ, ਖੰਨਾ
ਦਲਜੀਤ ਕੌਰ
ਬਰਨਾਲਾ, 6 ਜਨਵਰੀ, 2025: ਬਨਾਰਸ ਹਿੰਦੂ ਯੂਨੀਵਰਸਿਟੀ ਵਿੱਚ ਮਨੂ ਸਮ੍ਰਿਤੀ ਬਾਰੇ ਵਿਚਾਰ ਚਰਚਾ ਕਰਨ ਲਈ ਇਕੱਠੇ ਹੋਏ ਸ਼ਹੀਦ ਭਗਤ ਸਿੰਘ ਵਿਦਿਆਰਥੀ ਮੋਰਚਾ ਦੇ ਵਿਦਿਆਰਥੀ ਕਾਰਕੁਨਾਂ ਨੂੰ ਝੂਠੇ ਕੇਸਾਂ ਹੇਠ ਗ੍ਰਿਫ਼ਤਾਰ ਕਰਨ ਅਤੇ ਸਰੀਰਕ ਅਤੇ ਮਾਨਸਿਕ ਤਸ਼ੱਦਦ ਕਰਨ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਕੰਵਲਜੀਤ ਖੰਨਾ ਨੇ ਇਸ ਫਾਸ਼ੀਵਾਦੀ ਕਾਰਵਾਈ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ 'ਤੇ ਵੱਡਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਬਨਾਰਸ ਹਿੰਦੂ ਯੂਨੀਵਰਸਿਟੀ ਅਧਾਰਤ ਭਗਤ ਸਿੰਘ ਵਿਦਿਆਰਥੀ ਮੋਰਚਾ (ਬੀ ਐੱਸ ਐੱਮ) ਵੱਲੋਂ ਬੀ ਐੱਚ ਯੂ ਦੇ ਆਰਟਸ ਫੈਕਲਟੀ ਵਿੱਚ 25 ਦਸੰਬਰ ਨੂੰ ਮਨੂ ਸਮ੍ਰਿਤੀ ਦਿਵਸ 'ਤੇ ਇੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਬੀ.ਐਚ.ਯੂ ਪ੍ਰੋਕਟੋਰੀਅਲ ਬੋਰਡ ਦੇ ਗਾਰਡ ਨੇ ਆ ਕੇ ਵਿਦਿਆਰਥੀਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਪੁਲਸ ਨੇ 3 ਲੜਕੀਆਂ ਸਮੇਤ ਸਾਰੇ ਵਿਦਿਆਰਥੀਆਂ ਦੀ ਕੁੱਟਮਾਰ ਕਰਕੇ ਜ਼ਬਰਦਸਤੀ ਪੁਲਸ ਵੈਨ ਵਿੱਚ ਬਿਠਾ ਲਿਆ ਅਤੇ 13 ਮੈਂਬਰਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਦੇ ਤਹਿਤ ਐੱਫਆਈਆਰ ਦਰਜ਼ ਕਰਨ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਤਰਕਸ਼ੀਲ ਆਗੂਆਂ ਨੇ ਦੋਸ਼ ਲਾਇਆ ਕਿ ਯੂ ਪੀ ਪੁਲਸ ਵੱਲੋਂ ਹਿੰਦੂਤਵੀ ਫਾਸ਼ੀਵਾਦੀ ਤਾਕਤਾਂ ਦੀ ਸ਼ਹਿ 'ਤੇ ਕੀਤੀਆਂ ਅਜਿਹੀਆਂ ਗੈਰ ਕਾਨੂੰਨੀ ਗ੍ਰਿਫ਼ਤਾਰੀਆਂ ਅਤੇ ਪੁਲਸ ਹਿਰਾਸਤ ਦੌਰਾਨ ਵਿਦਿਆਰਥੀਆਂ ਦੇ ਮੋਬਾਇਲ ਖੋਹ ਕੇ ਘਰਦਿਆਂ ਨੂੰ ਸੂਚਿਤ ਨਾ ਕਰਨ ਅਤੇ ਵਕੀਲ ਨੂੰ ਮਿਲਣ ਨਾ ਦੇਣ ਦੀ ਤਾਨਾਸ਼ਾਹੀ ਕਾਰਵਾਈ, ਸੁਪਰੀਮ ਕੋਰਟ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਵਿਧਾਨ ਦੀ ਧਾਰਾ 19 ਅਤੇ 21 ਤਹਿਤ ਮਿਲੇ ਵਿਚਾਰ ਪ੍ਰਗਟਾਵੇ ਅਤੇ ਜਿਊਣ ਦੀ ਆਜ਼ਾਦੀ ਦੇ ਹੱਕ ਦੀ ਸਿੱਧੀ ਉਲੰਘਣਾ ਹੈ। ਆਗੂਆਂ ਨੇ ਕਿਹਾ ਕਿ ਮਨੂ ਸਮ੍ਰਿਤੀ ਵਿੱਚ ਔਰਤਾਂ, ਸੂਦਰਾਂ ਅਤੇ ਦਲਿਤਾਂ ਨੂੰ ਜਾਨਵਰ ਤੋਂ ਵੀ ਭੈੜਾ ਦਰਜਾ ਦਿੱਤਾ ਗਿਆ ਹੈ ਅਤੇ ਦੂਜੇ ਫ਼ਿਰਕਿਆਂ ਨੂੰ ਉਨ੍ਹਾਂ ਵਿਰੁੱਧ ਅਣਮਨੁੱਖੀ ਵਿਵਹਾਰ ਕਰਨ ਲਈ ਉਕਸਾਇਆ ਗਿਆ ਹੈ ਜੋ ਕਿ ਭਾਰਤੀ ਸੰਵਿਧਾਨ ਦੀ ਧਾਰਾ 14 (ਬਰਾਬਰੀ ਦਾ ਅਧਿਕਾਰ) ਦੀ ਸਰਾਸਰ ਉਲੰਘਣਾ ਹੈ। ਯਾਦ ਰੱਖਣਯੋਗ ਗੱਲ ਇਹ ਵੀ ਕਿ ਵਿਚਾਰ ਚਰਚਾ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪ੍ਰਸ਼ਾਸਨ ਕੋਲ ਫੁਰਤੀ ਹੈ ਪਰ ਸ਼ਰੇਆਮ ਯੂਨੀਵਰਸਿਟੀ ਕੈਂਪਸ ਵਿੱਚ ਗੁੰਡਾਗਰਦੀ ਦਾ ਨਾਚ ਨੱਚਦੇ ਭਾਜਪਾਈ ਗੁੰਡਿਆਂ ਨੂੰ ਸ਼ਹਿ ਦਿੰਦਾ ਹੈ। ਪਿਛਲੇ ਯੂਨੀਵਰਸਿਟੀ ਵਿਦਿਆਰਥਣ ਨੂੰ ਅਗਵਾ ਕਰਕੇ ਉਸ ਨੂੰ ਨਗਨ ਕਰਕੇ ਵੀਡੀਓ ਬਨਾਉਣ ਵਾਲੇ ਭਾਜਪਾਈ ਗੁੰਡਿਆਂ ਦੀ ਸ਼ਨਾਖਤ ਹੋਣ ਦੇ ਬਾਵਜੂਦ ਵੀ ਗ੍ਰਿਫ਼ਤਾਰ ਤਾਂ ਕੀ ਕਰਨਾ ਸੀ ਸਗੋਂ ਬੀਜੇਪੀ ਦੇ ਆਈਟੀ ਸੈਲ ਦੇ ਇਨ੍ਹਾਂ ਗੁੰਡਿਆਂ ਨੂੰ ਮੱਧ ਪ੍ਰਦੇਸ਼ ਦੀਆਂ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਲਈ ਭੇਜ ਕੇ ਸਿਆਸੀ ਛੱਤਰੀ ਤਾਣਕੇ ਰੱਖੀ।
ਇਨਕਲਾਬੀ ਕੇਂਦਰ, ਪੰਜਾਬ ਦੇ ਆਗੂਆਂ ਮੁਖਤਿਆਰ ਪੂਹਲਾ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਯੋਗੀ ਸਰਕਾਰ ਤੋਂ ਮੰਗ ਕੀਤੀ ਕਿ ਝੂਠੀ ਐਫ ਆਈ ਆਰ ਰੱਦ ਕਰਕੇ ਸਾਰੇ ਵਿਦਿਆਰਥੀ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਵਿਦਿਆਰਥੀਆਂ 'ਤੇ ਹਮਲਾ ਕਰਨ ਅਤੇ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਪੁਲਸ ਅਤੇ ਗਾਰਡਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਨਕਲਾਬੀ ਕੇਂਦਰ, ਪੰਜਾਬ ਨੇ ਸਮੂਹ ਲੋਕ ਪੱਖੀ,ਜਮਹੂਰੀ, ਅਗਾਂਹਵਧੂ ਅਤੇ ਧਰਮ ਨਿਰਪੱਖ ਤਾਕਤਾਂ ਨੂੰ ਭਾਜਪਾ-ਸੰਘ ਦੇ ਹਿੰਦੂਤਵੀ ਫਾਸ਼ੀਵਾਦੀ ਰਾਜ ਦੇ ਜ਼ਬਰ ਦਾ ਤਿੱਖਾ ਵਿਰੋਧ ਕਰਨ ਲਈ ਇਕਜੁੱਟ ਹੋਣ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਸਾਂਝੇ ਸੰਘਰਸ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।