ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ 76ਵਾਂ ਗਣਤੰਤਰ ਦਿਵਸ - ਰਾਜੇਸ਼ ਧੀਮਾਨ
-ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 08 ਜਨਵਰੀ,2025
26 ਜਨਵਰੀ ਨੂੰ ਆਈ. ਟੀ. ਆਈ ਗਰਾਊਂਂਡ ਨਵਾਂਸ਼ਹਿਰ ਵਿਖੇ 76ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਸਮਾਗਮ ਸਬੰਧੀ ਡਿਊਟੀਆਂ ਦੀ ਵੰਡ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਵਧੀਆ ਢੰਗ ਨਾਲ ਮਨਾਇਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਇਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨੀ ਯਕੀਨੀ ਬਣਾਉਣ।
ਇਸ ਦੌਰਾਨ ਉਨ੍ਹਾਂ ਗਰਾਊਂਡ ਦੀ ਸਫ਼ਾਈ, ਸਜਾਵਟ, ਬੈਠਣ ਦੇ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਸਾਫ-ਸੁਥਰੇ ਪਾਣੀ, ਰਿਫਰੈਸ਼ਮੈਂਟ, ਸਾਊਂਂਡ ਸਿਸਟਮ, ਇਨਾਮਾਂ-ਸਨਮਾਨਾਂ ਦੀ ਵੰਡ, ਆਰਜ਼ੀ ਪਖ਼ਾਨੇ, ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਚੌਕਾਂ ਦੀ ਸਜਾਵਟ, ਮੈਡੀਕਲ ਟੀਮ, ਐਂਬੂਲੈਂਸ ਅਤੇ ਫਾਇਰ ਟੈਂਡਰ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਜਿਥੇ ਵੱਖ-ਵੱਖ ਟੁਕੜੀਆਂ ਵੱਲੋਂ ਪਰੇਡ ਅਤੇ ਸ਼ਾਨਦਾਰ ਮਾਰਚ ਪਾਸਟ ਹੋਵੇਗਾ, ਉਥੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ਼ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਲਈ ਵੱਖ-ਵੱਖ ਰਿਹਰਸਲਾਂ ਤੋਂ ਇਲਾਵਾ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਚਿਣਗ ਪੈਦਾ ਕੀਤੀ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਨੀਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ ਬੰਗਾ ਵਿਪਿਨ ਭੰਡਾਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।