ਐਡੀਸ਼ਨਲ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਅਧਿਕਾਰੀਆਂ ਨਾਲ ਸੜਕ ਸੁਰੱਖਿਆ ਸਬੰਧੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 8 ਜਨਵਰੀ 2025 : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਕੇ ਰਿਪੋਰਟ ਜਲਦ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ।
ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ਜਾਵੇ।
ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾ ਕੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿਆਂ ਵਾਲੀਆਂ ਟਾਲਾਂ ਨੂੰ ਸਾਈਡ ਤੇ ਕਰਵਾਇਆ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਤੇ ਪਏ ਟੋਇਆਂ ਆਦਿ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਬਾਲ ਸੁਰੱਖਿਆ ਵਿਭਾਗ ਨੂੰ ਕਿਹਾ ਕਿ ਸਕੂਲ ਵਾਹਨ ਸਕੀਮ ਤਹਿਤ ਕੈਂਪ ਲਗਾ ਕੇ ਵੱਧ ਤੋਂ ਵੱਧ ਬੱਚਿਆਂ ਨੁੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।