ਥਰਮਲ ਦੇ ਆਊਟਸੋਰਸਡ ਮੁਲਾਜ਼ਮਾਂ ਵੱਲੋਂ ਦੋ ਘੰਟੇ ਲਈ ਟੂਲ ਡਾਊਨ ਹੜਤਾਲ
ਅਸ਼ੋਕ ਵਰਮਾ
ਬਠਿੰਡਾ,8 ਜਨਵਰੀ 2025: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਵਿਭਾਗ ਦੇ ਠੇਕਾ ਮੁਲਾਜ਼ਮਾਂ ਵੱਲੋੰ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਟੂਲ ਡਾਊਨ ਕਰਨ ਦੇ ਉਲੀਕੇ ਸੰਘਰਸ਼ ਤਹਿਤ ਥਰਮਲ ਦੇ ਆਊਟਸੋਰਸਡ ਮੁਲਾਜ਼ਮਾਂ ਨੇ ਅੱਜ ਦੂਸਰੇ ਦਿਨ ਵੀ 11 ਤੋਂ ਇਕ ਵਜੇ ਤੱਕ ਟੂਲ ਡਾਊਨ ਹੜਤਾਲ ਰੱਖੀ। ਕਮੇਟੀ ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਅਤੇ ਮੈਨੇਜਮੈਂਟ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਉਹਨਾਂ ਕਿਹਾ ਕਿ ਇਹਨਾਂ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਕਰਨ ਦਾ ਤਜ਼ਰਬਾ ਵੀ ਹੈ ਪਰ ਪੰਜਾਬ ਸਰਕਾਰ ਅਤੇ ਮੈਨੇਜਮੇਂਟ ਉਨ੍ਹਾਂ ਦੀਆਂ ਦੀਆਂ ਹੱਕੀ ਮੰਗਾਂ ਨੂੰ ਅਣ-ਵੇਖਿਆ ਕਰਕੇ ਧੋਖਾ ਕਰ ਰਹੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਇਸ ਮੌਕੇ ਇਹਨਾਂ ਆਗੂਆਂ ਨੇ ਪਾਵਰ ਕੌਮ ਅਤੇ ਟਰਾਂਸਕੋ ਦੇ ਨਿੱਜੀਕਰਨ ਦੀ ਨੀਤੀ ਤੇ ਰੋਕ ਲਾਉਣ, ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਉਹਨਾਂ ਦੇ ਮਹਿਕਮਿਆਂ ਵਿੱਚ ਰੈਗੂਲਰ ਕਰਨ ਅਤੇ ਢੁਕਵੀਆਂ ਤਨਖਾਹਾਂ ਦੇਣ ਤੋਂ ਇਲਾਵਾ ਮੰਗ ਪੱਤਰ ਵਿੱਚ ਦਰਜ ਬਾਕੀ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।