ਏ.ਡੀ.ਸੀ. ਨੇ ਪੋਲਟਰੀ ਕਿਸਾਨਾਂ ਅਤੇ ਵੁੱਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ
ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਕਮੇਟੀ ਗਠਿਤ ਕਰਨ ਦੇ ਆਦੇਸ਼ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 9 ਜਨਵਰੀ - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਪੋਲਟਰੀ ਕਿਸਾਨਾਂ ਅਤੇ ਵੁੱਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਪੋਲਟਰੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਕਮੇਟੀ ਗਠਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਜੋ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਆਪਣੀ ਰਿਪੋਰਟ ਦੇਵੇਗੀ।
ਮੀਟਿੰਗ ਦੌਰਾਨ ਉਨ੍ਹਾਂ ਵੁੱਡ ਬੇਸਡ ਇਕਾਈਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਸਬੰਧਿਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਕਿ ਇਨ੍ਹਾਂ ਇਕਾਈਆਂ ਨੂੰ ਪਹਿਲ ਦੇ ਅਧਾਰ 'ਤੇ ਨਿਯਮਾਂ ਅਨੁਸਾਰ ਸਰਟੀਫਿਕੇਟ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਜੋ ਵੀ ਕਿਸਾਨ ਜਾਂ ਵਿਅਕਤੀ ਆਪਣੇ ਕਿੱਤੇ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ।
ਮੀਟਿੰਗ ਵਿੱਚ ਜ਼ਿਲ੍ਹਾ ਉਦਯੋਗ ਮੈਨੇਜਰ ਸ੍ਰੀ ਸੁਖਪਾਲ ਸਿੰਘ, ਸਹਾਇਕ ਨਗਰ ਯੋਜਨਾਕਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਨਾਗਪਾਲ, ਫਾਇਰ ਸੇਫ਼ਟੀ ਅਫ਼ਸਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।