ਕੈਮਿਸਟ ਆਗੂ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਪੁਲਿਸ ਦੀ ਨਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ, 9 ਜਨਵਰੀ 2025: ਪੁਲੀਸ ਪ੍ਰਸ਼ਾਸਨ ਵੱਲੋਂ ਡਰੱਗ ਵਿਭਾਗ ਦੇ ਸਹਿਯੋਗ ਨਾਲ ਕੈਮਿਸਟਾਂ ਦੇ ਕੰਮ ਵਿੱਚ ਕੀਤੀ ਜਾ ਰਹੀ ਨਾਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਅੱਜ ਦੀ ਬਠਿੰਡਾ ਡਿਸਟਰਿਕਟ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸੀਨੀਅਰ ਕਪਤਾਨ ਪੁਲੀਸ ਬਠਿੰਡਾ ਮੈਡਮ ਅਮਨੀਤ ਕੌਂਡਲ ਨੂੰ ਮੰਗ ਪੱਤਰ ਸੌਂਪਿਆ ਇਸ ਤਰ੍ਹਾਂ ਦੀਆਂ ਕਾਰਵਾਈਆਂ ਬੰਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੇ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਗੋਨਿਆਣਾ ਯੂਨਿਟ ਪ੍ਰਧਾਨ ਪਵਨ ਗਰਗ ਤੇ ਪਵਨ ਜਿੰਦਲ, ਭੁੱਚੋ ਯੂਨਿਟ ਪ੍ਰਧਾਨ ਕ੍ਰਿਸ਼ਨ ਲਾਲ ਤੇ ਮੋਹਨ ਲਾਲ, ਰਾਮਪੁਰਾ ਯੂਨਿਟ ਪ੍ਰਧਾਨ ਛਿੰਦਰਪਾਲ ਸਿੰਗਲਾ, ਸੰਗਤ ਯੂਨਿਟ ਪ੍ਰਧਾਨ ਡਾ: ਗੁਰਮੇਲ ਸਿੰਘ, ਜਨਰਲ ਸਕੱਤਰ ਰਾਮਸਵਰੂਪ ਗਰਗ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ, ਮੌੜ ਯੂਨਿਟ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਵਿਕਰਮ ਗਰਗ, ਰਾਮਾ ਯੂਨਿਟ ਦੇ ਪ੍ਰਧਾਨ ਰਾਜੀਵ ਗੋਸ਼ਾ, ਹੋਲਸੇਲ ਯੂਨਿਟ ਦੇ ਪ੍ਰਧਾਨ ਦਰਸ਼ਨ ਜੌੜਾ, ਅੰਮ੍ਰਿਤਪਾਲ ਸਿੰਗਲਾ, ਵਰਿੰਦਰ ਗਰਗ, ਰਾਜੀਵ ਭੋਲਾ, ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ, ਸਕੱਤਰ ਪੋਰੇਂਦਰ ਕੁਮਾਰ, ਵਿਜੇ ਜਿੰਦਲ ਹਾਜ਼ਰ ਸਨ।
ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ ਮੰਡੀਆਂ ਵਿੱਚ ਕੈਮਿਸਟਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦਾ ਸਮੂਹ ਕੈਮਿਸਟਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਉਕਤ ਕਾਰਵਾਈ ਕਾਰਨ ਖ਼ੁਦ ਨੂੰ ਅਪਮਾਨਿਤ ਮਹਿਸੂਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਮੂਹ ਕੈਮਿਸਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰ ਰਹੇ ਹਨ, ਇਸ ਲਈ ਟੀ.ਬੀ.ਡੀ.ਸੀ.ਏ ਅਧੀਨ ਆਉਂਦੀਆਂ ਸਾਰੀਆਂ ਯੂਨਿਟਾਂ ਦੇ ਕੈਮਿਸਟਾਂ ਵੱਲੋਂ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜੇਕਰ ਕੋਈ ਕੈਮਿਸਟ ਗਲਤ ਕਾਰਵਾਈ ਕਰਦਾ ਪਾਇਆ ਗਿਆ, ਤਾਂ ਉਨ੍ਹਾਂ ਦਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦੇਵੇਗੀ।
ਉਨ੍ਹਾਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਮੈਡਮ ਅਮਨੀਤ ਕੌਂਡਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰ ਰਹੇ ਕੈਮਿਸਟਾਂ ਨੂੰ ਪੁਲਿਸ ਵਿਭਾਗ ਵੱਲੋਂ ਕੋਈ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪੁਲਿਸ ਵਿਭਾਗ ਵੱਲੋਂ ਸਮੂਹ ਕੈਮਿਸਟਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਨਸ਼ੇ ਨੂੰ ਜੜ੍ਹੋਂ ਪੁੱਟਿਆ ਜਾ ਸਕੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਸੀਨੀਅਰ ਕਪਤਾਨ ਪੁਲੀਸ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਬਠਿੰਡਾ ਦੇ ਸਮੂਹ ਕੈਮਿਸਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲੀਸ ਵਿਭਾਗ ਨੂੰ ਲਗਾਤਾਰ ਸਹਿਯੋਗ ਦੇ ਰਹੇ ਹਨ ਅਤੇ ਜੋ ਵੀ ਕੈਮਿਸਟ ਇਸ ਮੁਹਿੰਮ ਦੇ ਖ਼ਿਲਾਫ਼ ਕੰਮ ਕਰਦਾ ਪਾਇਆ ਗਿਆ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਕੈਮਿਸਟਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ, ਤਾਂ ਪੰਜਾਬ ਭਰ ਦੇ ਕੈਮਿਸਟ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ 20 ਜਨਵਰੀ ਨੂੰ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਹਤ ਕਮਿਸ਼ਨਰ ਅਭਿਨਵ ਤ੍ਰਿਖਾ ਜੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਸਾਰੇ ਮਸਲੇ ਵਿਚਾਰੇ ਜਾਣਗੇ।