ਬਾਰਾਦਰੀ ਬਾਗ਼ ਵਿਖੇ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਗਮ: ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 9 ਜਨਵਰੀ,2025 - 'ਬੇਟੀ ਬਚਾਓ ਬੇਟੀ ਪੜ੍ਹਾਓ' ਅਭਿਆਨ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਧੀਆਂ ਦੀ ਲੋਹੜੀ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਭਲਕੇ 10 ਜਨਵਰੀ 2025 ਨੂੰ ਸਵੇਰੇ 10.30 ਵਜੇ ਬਾਰਾਦਰੀ ਬਾਗ਼, ਨਵਾਂਸ਼ਹਿਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਬਾਰਾਦਰੀ ਬਾਗ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਉਹ ਬਾਰਾਦਰੀ ਬਾਗ਼ ਲਾਇਬ੍ਰੇਰੀ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਵੀ ਕਰਨਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।