ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਇਆ ਜਾਵੇ : DC ਜਲੰਧਰ
- ਜ਼ਿਲ੍ਹੇ ’ਚ ਸਿਹਤ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ, ਹੋਰ ਸੁਧਾਰਾਂ ਲਈ ਟੀਚੇ ਕੀਤੇ ਨਿਰਧਾਰਤ
- ਰਾਸ਼ਟਰੀ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ 2.84 ਲੱਖ ਸੰਵੇਦਨਸ਼ੀਲ ਆਬਾਦੀ ਦੀ ਕੀਤੀ ਜਾਵੇਗੀ ਜਾਂਚ
- ਡਾਕਟਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਦੇ ਮਰੀਜ਼ਾਂ ਨਾਲ ਗੱਲਬਾਤ ਦੇ ਮਾਧਿਅਮ ਨਾਲ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਲਈ ਠੋਸ ਯਤਨ ਕਰਨ ਦੀ ਕੀਤੀ ਅਪੀਲ
ਜਲੰਧਰ, 10 ਜਨਵਰੀ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਹਤ ਵਿਭਾਗ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕ ਇਸ ਸਕੀਮ ਅਧੀਨ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣ।
ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ ਬੁਧੀ ਰਾਜ ਸਿੰਘ, ਸਿਵਲ ਸਰਜਨ ਡਾ. ਗੁਰਮੀਤ ਸਮੇਤ ਜ਼ਿਲ੍ਹੇ ਵਿੱਚ ਚੱਲ ਰਹੇ ਮਹੱਤਵਪੂਰਣ ਸਿਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੀਆਂ ਸੇਵਾਵਾਂ ਸਬੰਧੀ 63 ਸੂਚੀਬੱਧ ਹਸਪਤਾਲਾਂ ਵਿੱਚ ਸੁਚੱਜੇ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇ ਅਤੇ ਐੱਨ.ਆਈ.ਸੀ. ਦੀ ਵੈੱਬਸਾਈਟ ’ਤੇ ਸਿਹਤ ਸੰਭਾਲ ਸੰਸਥਾਵਾਂ ਦੀ ਸੂਚੀ ਨੂੰ ਅਪਡੇਟ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ ਪਹਿਲਾਂ ਹੀ 2,76,655 ਲਾਭਪਾਤਰੀ ਕਵਰ ਕੀਤੇ ਜਾ ਚੁੱਕੇ ਹਨ। ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਡਾਕਟਰਾਂ ਨੂੰ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਕੇ ਇਸ ਸਕੀਮ ਨੂੰ ਜਲੰਧਰ ਵਿੱਚ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।
ਨੈਸ਼ਨਲ ਟੀਬੀ ਖਾਤਮਾ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 2.84 ਲੱਖ ਪਛਾਣ ਕੀਤੀ ਗਈ ਸੰਵੇਦਨਸ਼ੀਲ ਆਬਾਦੀ ਵਿੱਚੋਂ 86,585 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਸਿਹਤ ਅਧਿਕਾਰੀਆਂ ਵੱਲੋਂ ਮਰੀਜ਼ਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਸ਼ਾ ਛੁਡਾਊ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ 22 ਕੇਂਦਰਾਂ ਵਿੱਚ 1777 ਓ.ਪੀ.ਡੀ. ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ 274 ਨੂੰ ਹੋਰ ਦੇਖਭਾਲ ਲਈ ਦਾਖ਼ਲ ਕੀਤਾ ਗਿਆ ਹੈ। ਉਨ੍ਹਾਂ ਡਾਕਟਰਾਂ ਨੂੰ ਨਸ਼ਾ ਪ੍ਰਭਾਵਿਤ ਮਰੀਜ਼ਾਂ ਨਾਲ ਗੱਲਬਾਤ ਕਰਨ ਲਈ ਵੀ ਕਿਹਾ ਤਾਂ ਜੋ ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ਦੀ ਸੂਚੀ ਤਿਆਰ ਕੀਤੀ ਜਾ ਸਕੇ, ਜੋ ਨਸ਼ਾ ਵਿਰੋਧੀ ਉਪਾਵਾਂ ਲਈ ਵੀ ਸਹਾਈ ਹੋਵੇਗੀ।
ਡਾ. ਅਗਰਵਾਲ ਨੇ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਵਿੱਚ ਅਜਿਹੇ ਮਾਮਲਿਆਂ ਪ੍ਰਤੀ ਵਰਤੀ ਜਾ ਰਹੀ ਜ਼ੀਰੋ-ਟਾਲਰੈਂਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਕੈਨਿੰਗ ਸੈਂਟਰਾਂ ਵਿੱਚ 588 ਤੋਂ ਵੱਧ ਨਿਰੀਖਣ ਕੀਤੇ ਗਏ ਹਨ ਅਤੇ ਇੱਕ ਕੇਂਦਰ ਨੂੰ ਕਮੀਆਂ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਦੀ ਉਚਿਤ ਉਪਲਬਧਤਾ ਯਕੀਨੀ ਬਣਾ ਕੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਅਖੀਰ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਰੋਗੀ ਕਲਿਆਣ ਸਮਿਤੀ ਵੱਲੋਂ ਸਿਵਲ ਹਸਪਤਾਲ ਲਈ ਕਈ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ, ਜਿਸ ਵਿੱਚ ਚਾਰਦੀਵਾਰੀ ਦੀ ਉਸਾਰੀ, ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਅਤੇ ਸੁਵਿਧਾਵਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।