ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਅਹਿਮ ਮੀਟਿੰਗ
- ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਰੋਹਿਤ ਗੁਪਤਾ
ਗੁਰਦਾਸਪੁਰ 16 ਜਨਵਰੀ 2025 - ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਪਰਮਜੀਤ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਜਾਂਦੀਆਂ ਗਰਾਂਟਾਂ ਨੂੰ ਤਹਿ-ਸਮੇਂ ਅੰਦਰ ਖ਼ਰਚ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਡੀ.ਈ.ਓ. ਦਫ਼ਤਰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਬਲਾਕ ਤੇ ਸਕੂਲ ਪੱਧਰ 'ਤੇ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣਾ ਚਾਹੀਦਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਦਾਖ਼ਲਾ ਵਧਾਉਣ ਲਈ ਸਮਾਜਿਕ ਭਾਈਚਾਰੇ ਤੇ ਬੱਚਿਆਂ ਦੇ ਮਾਪਿਆਂ ਤੱਕ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਵਿੱਦਿਅਕ ਸੈਸ਼ਨ ਦੌਰਾਨ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਕੇ ਸਿੱਖਿਆ ਗ੍ਰਹਿਣ ਕਰਨ। ਉਨ੍ਹਾਂ ਕਿਹਾ ਕਿ ਸਕੂਲ ਪੱਧਰ 'ਤੇ ਬੱਚਿਆਂ ਦੀ ਅਪਾਰ ਆਈ.ਡੀ. ਬਣਾਉਣ ਦਾ ਜੋ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਇਸ ਮੌਕੇ ਡਿਪਟੀ ਡੀ.ਈ.ਓ. (ਐਲੀ:) ਡਾ. ਅਨਿਲ ਸ਼ਰਮਾ ਅਤੇ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਅਫ਼ਸਰ ਤੇ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।