ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ
ਅਸ਼ੋਕ ਵਰਮਾ
ਬਠਿੰਡਾ, 16 ਜਨਵਰੀ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਖੇਡ ਸਟੇਡੀਅਮ ਦਾ ਦੌਰਾ ਕਰਦਿਆਂ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਡਿਊਟੀ ਦੌਰਾਨ ਮੌਜੂਦ ਅਧਿਕਾਰੀਆਂ/ਕਰਮਚਾਰੀਆਂ ਨਾਲ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਗੱਲਬਾਤ ਵੀ ਕੀਤੀ। ਉਨ੍ਹਾਂ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਨੂੰ ਚੰਗੀ ਤਰ੍ਹਾਂ ਨੇਪਰੇ ਚਾੜ੍ਹਨ ਲਈ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਇਸ ਦੌਰਾਨ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪੀ.ਟੀ.ਸ਼ੋਅ, ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਜਿਮਨਾਸਟਿਕ ਸ਼ੋਅ, ਸੁਆਗਤੀ ਗੀਤ ਅਤੇ ਰਾਸ਼ਟਰੀ ਗਾਣ ਆਦਿ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ-ਕਮ-ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ, ਨਾਇਬ ਤਹਿਸੀਲਦਾਰ ਨਥਾਣਾ ਗੁਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ਼੍ਰੀ ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ. ਸਿਕੰਦਰ ਸਿੰਘ ਬਰਾੜ, ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਜਸਵੀਰ ਸਿੰਘ ਗਿੱਲ, ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਸਿੰਘ, ਮੈਡਮ ਮਨਦੀਪ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਸਕੂਲੀ ਬੱਚੇ ਆਦਿ ਹਾਜ਼ਰ ਸਨ।