ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਅਪਣਾਏ ਪਿੰਡ ਬੁਗਰਾ ਵਿਖੇ ਝੋਨੇ ਦੇ ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਦੀਆਂ ਪ੍ਰਦਰਸ਼ਨੀਆਂ ਬਾਬਤ ਵਿਦਿਅਕ ਦੌਰਾ ਕਰਾਇਆ ਗਿਆ। ਇਨ੍ਹਾਂ ਪ੍ਰਦਰਸ਼ਨੀਆਂ ਦੌਰਾਨ ਪਿੰਡ ਬੁਗਰਾ ਦੇ ਅਗਾਂਹਵਧੂ ਤੇ ਇਨਾਮ ਜੇਤੂ ਕਿਸਾਨ ਤਰਨਜੀਤ ਸਿੰਘ ਦੇ ਫਾਰਮ ਤੇ ਕਣਕ ਦੀ ਸਿੱਧੀ ਬਿਜਾਈ ਵੱਖ-ਵੱਖ ਤਕਨੀਕਾਂ ਨਾਲ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਉੱਗੀ ਕਣਕ ਦੀ ਸਫਲ ਕਾਸ਼ਤ ਦਾ ਸੰਦੇਸ਼ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚ ਸਕੇ। ਤਰਨਜੀਤ ਸਿੰਘ ਦੇ ਖੇਤਾਂ ਵਿੱਚ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੂਜਾ ਸਾਲ ਹੈ ਅਤੇ ਉਹ ਇਨ੍ਹਾਂ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਹਨ।
ਕਿਸਾਨਾਂ ਨਾਲ ਰੂਬਰੂ ਹੁੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਖੇਤ ਦੀ ਮਿੱਟੀ ਨੂੰ ਪੋਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸਨੂੰ ਖਾਲੀ ਨਾ ਕਰੀਏ ਕਿਉਂਕਿ ਖਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸ ਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ।ਪਰਾਲੀ ਨੂੰ ਖੇਤ ਵਿਚ ਹੀ ਰੱਖਣ ਦੀ ਸਿਫ਼ਾਰਸ਼ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜਮੀਨ ਦੀ ਸਿਹਤ ਠੀਕ ਰਹਿੰਦੀ ਹੈ ਉੱਥੇ ਖਾਦਾਂ ਤੇ ਖਰਚੇ ਘੱਟ ਹੁੰਦੇ ਹਨ ਅਤੇ ਵਾਤਾਵਰਨ ਵੀ ਪਲੀਤ ਨਹੀਂ ਹੁੰਦਾ।ਡਾ. ਬੌਂਸ ਨੇ ਪਿੰਡ ਬੁਗਰਾ ਦੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ, ਜਿਹਨਾਂ ਦੇ ਇਸ ਸਾਲ ਝੋਨੇ ਦੀ ਪਰਾਲੀ ਦਾ ਪੂਰਨ ਪ੍ਰਬੰਧ ਕੀਤਾ ਅਤੇ ਇਨ੍ਹਾਂ ਯਤਨਾਂ ਸਦਕਾ ਪਿੰਡ ਵਿੱਚ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਕੇਸ ਨਹੀਂ ਦਰਜ ਹੋਇਆ।ਇਸ ਤੋਂ ਇਲਾਵਾ ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ ਦੇ ਸਰਵਪੱਖੀ ਕੀਟ ਪ੍ਰਬੰਧਨ ਬਾਬਤ ਵੀ ਜਰੂਰੀ ਨੁਕਤੇ ਸਾਂਝੇ ਕੀਤੇ।ਇਸ ਮੌਕੇ ਕਿਸਾਨਾਂ ਦੀ ਜਾਣਕਾਰੀ ਵਿੱਚ ਵਾਧੇ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ।
ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਇਸ ਮੌਕੇ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਿਤ ਮਸ਼ੀਨਰੀ - ਸਰਫੇਸ ਸੀਡਰ ਤਕਨੀਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ ਦੀ ਵਰਤੋਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ। ਸਹਿਯੋਗੀ ਪ੍ਰਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ਤੇ ਪਸ਼ੂ ਖੁਰਾਕ ਤਿਆਰ ਕਰਨ ਬਾਰੇ ਅਤੇ ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਕਰਮਵੀਰ ਸਿੰਘ ਨੇ ਪੌਸ਼ਟਿਕ ਘਰੇਲੂ ਬਗੀਚੀ ਬਾਬਤ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਸ਼ਮੀਰ ਸਿੰਘ, ਹਰਜੋਤ ਸਿੰਘ, ਮਨਮੋਹਨ ਸਿੰਘ ਖਾਲਸਾ, ਹਰਕੰਵਲ ਸਿੰਘ, ਚੈਨ ਸਿੰਘ, ਮੋਹਿੰਦਰ ਸਿੰਘ, ਤਰਨਜੀਤ ਸਿੰਘ ਤੇ ਮਨਪ੍ਰੀਤ ਸਿੰਘ ਆਦਿ, ਅਗਾਂਹਵਧੂ ਕਿਸਾਨ ਮੌਜੂਦ ਸਨ। ਹਾਜ਼ਰ ਕਿਸਾਨਾਂ ਨੇ ਇਨ੍ਹਾਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਤੇ ਆਪਣੇ ਖਦਸ਼ਿਆਂ ਬਾਬਤ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।