ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਾਦਲ, 20 ਜਨਵਰੀ 2025:ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਨਵੇਂ ਮੈਂਬਰ ਬਣਾਉਣ ਲਈ ਆਪਣੇ ਭਰਤੀ ਪ੍ਰੋਗਰਾਮ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਕਾਲੀ ਦਲ ਦੀ ਚੋਟੀ ਦੀ ਲੀਡਰਸ਼ਿਪ ਨੇ ਕੁੱਝ ਦਿਨ ਪਹਿਲਾਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਫੈਸਲਾ ਲਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਚਲੇ ਪਾਰਟੀ ਦਫ਼ਤਰ ਵਿਚ ਫਾਰਮ ਭਰ ਕੇ ਨਵੇਂ ਸਿਰਿਓਂ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਪਾਰਲੀਮਾਨੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਪਾਰਟੀ ਨੇ ਅੱਜ ਤੋਂ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਲੰਬੀ ਅਸੈਂਬਲੀ ਹਲਕੇ ਤੋਂ ਕਰੀਬ 40,000 ਲੋਕਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣਨ ਦੀ ਉਮੀਦ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਾਰਟੀ ਦੇ 50 ਲੱਖ ਮੈਂਬਰ ਬਣਾਉਣ ਦਾ ਟੀਚਾ ਮਿੱਥਿਆ ਹੈ। ਉਹਨਾਂ ਸਮੂਹ ਪਾਰਟੀ ਆਗੂਆਂ ਨੂੰ ਇਸ ਮੁਹਿੰਮ ਲਈ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਜੁਟਣ ਦੀ ਅਪੀਲ ਵੀ ਕੀਤੀ। ਹਰਿਆਣਾ ਸਟੇਟ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹਨਾਂ ਨਤੀਜਿਆਂ ਨੇ ਦਰਸਾ ਦਿੱਤਾ ਹੈ ਕਿ ਜੋ ਵੀ ਤਾਕਤਾਂ ਸਿੱਖ ਧਰਮ ਦੇ ਵਿਰੋਧ ਵਿੱਚ ਕੰਮ ਕਰਨਗੀਆਂ ਉਹਨਾਂ ਨੂੰ ਸਿੱਖ ਸੰਗਤ ਪੂਰੀ ਤਰ੍ਹਾਂ ਨਕਾਰ ਦੇਵੇਗੀ।