ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ
ਚੰਡੀਗੜ੍ਹ, 20 ਜਨਵਰੀ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿੱਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ।
ਸਾਰੇ ਪ੍ਰੋਜੈਕਟ ਸਹੀ ਢੰਗ ਨਾਲ ਚੱਲ ਰਹੇ ਹਨ ਅਤੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਬਾਰੇ ਯਕੀਨੀ ਬਣਾਉਣ ਲਈ ਕਿ ਲਈ ਇਸ ਸਮੀਖਿਆ ਮੀਟਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਹਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇੰਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਸੂਬੇ ਅੰਦਰ ਮਜ਼ਬੂਤ, ਸੁਰੱਖਿਅਤ ਅਤੇ ਟਿਕਾਊ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਸਮਰਪਿਤ ਹੈ ਤਾਂ ਜੋ ਵੱਧਦੀ ਆਬਾਦੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਦੇ ਪ੍ਰੋਜੈਕਟਾਂ ਲਈ ਲੋੜੀਂਦੀ ਯੋਜਨਾ ਬਣਾ ਕੇ ਅਤੇ ਇੰਨ੍ਹਾਂ ਨੂੰ ਲਾਗੂ ਕਰਕੇ ਹੀ ਸੂਬੇ ਦੇ ਲੋਕਾਂ ਨੂੰ ਭਵਿੱਖ ਵਿੱਚ ਇੰਨ੍ਹਾਂ ਦਾ ਲਾਭ ਪਹੁੰਚਾਇਆ ਜਾ ਸਕੇਗਾ।