ਰਿਕਵਰੀ ਕੇਸਾਂ ’ਚ ਤੇਜ਼ੀ ਲਿਆਉਂਦੇ ਹੋਏ ਪੈਂਡਿੰਗ ਮਾਮਲਿਆਂ ਨੂੰ ਦਿੱਤੀ ਜਾਵੇ ਤਰਜ਼ੀਹ: DC ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 20 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਸਿਕ ਸਮੀਖਿਆ ਮੀਟਿੰਗ ਕਰਦਿਆਂ ਮਾਲੀ ਕੰਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਰਿਕਵਰੀ ਮਾਮਲਿਆਂ ਵਿਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਮਿੱਥੇ ਸਮੇਂ ਅੰਦਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲੀਆ ਮਾਮਲਿਆਂ ਵਿਚ ਬਕਾਇਆ ਵਸੂਲਆਂ ਨੂੰ ਤਰਜ਼ੀਹ ਦਿੱਤੀ ਜਾਵੇ।ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਮਾਲ ਅਦਾਲਤਾਂ ਵਿਚ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇ।ਮਾਮਲਿਆਂ ਦੇ ਨਿਪਟਾਰੇ ਵਿਚ ਪਾਰਦਰਸ਼ਤਾ ਅਤੇ ਸਮਾਂਬੱਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਲੈਂਡ ਰਿਕਵਰੀ ਨਾਲ ਸਬੰਧਤ ਬਕਾਇਆ ਰਾਸ਼ੀ ਦੀ ਪਹਿਚਾਣ ਕਰਕੇ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।ਚੌਂਕੀਦਾਰਾਂ ਅਤੇ ਨੰਬਰਦਾਰਾਂ ਦੇ ਬਕਾਇਆ ਮਾਣਭੱਤੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਕੋਮਲ ਮਿੱਤਲ ਨੇ ਐਸ.ਡੀ.ਐਮਜ਼ ਨੂੰ ਪੀ.ਪੀ ਐਕਟ ਤਹਿਤ ਲੰਬਿਤ ਪਏ ਮਾਮਲਿਆਂ ਦਾ ਜਲਦ ਨਿਪਟਾਰਾਂ ਕਰਨ ਨੂੰ ਕਿਹਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪੀ.ਜੀ.ਆਰ.ਐਸ ਪੋਰਟਲ ’ਤੇ ਲੰਬਿਤ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿਚ ਪਾਰਦਸ਼ਤਾ ਅਤੇ ਤੇਜ਼ੀ ਲਿਆਉਦ ਲਈ ਇਹ ਜ਼ਰੂਰੀ ਹੈ ਕਿ ਸਾਰੇ ਅਧਿਕਾਰੀ ਆਪਣੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ ਸੰਜੀਵ ਕੁਮਾਰ, ਐਸ.ਡੀ.ਐਮ ਮੁਕੇਰੀਆਂ, ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਪੰਕਜ ਬਾਂਸਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।