ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦਾ ਦੌਰਾ
- 56 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਅੱਪ-ਗਰੇਡ - ਡਿਪਟੀ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ, 21 ਜਨਵਰੀ 2025 - ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਅਤੇ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਪ੍ਰੀਤ ਸਿੰਘ ਵੀ ਮੌਜੂਦ ਸਨ।
ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਨੂੰ ਅੱਪ-ਗਰੇਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ 36 ਲੱਖ ਰੁਪਏ ਦੀ ਗਰਾਂਟ ਨਾਲ ਲਾਇਬ੍ਰੇਰੀ ਵਿੱਚ ਬੁੱਕ ਸੈੱਲਫ਼, ਕਾਨਫ਼ਰੰਸ ਹਾਲ, ਰੀਡਿੰਗ ਏਰੀਆ, ਈ-ਲਾਇਬ੍ਰੇਰੀ, ਫਾਲ ਸੀਲਿੰਗ ਅਤੇ ਵਾਸ਼ਰੂਮ ਦੇ ਕੰਮ ਕੀਤੇ ਜਾਣਗੇ। ਇਸ ਤੋਂ ਇਲਾਵਾ 20 ਲੱਖ ਰੁਪਏ ਵੱਖਰੇ ਖ਼ਰਚ ਕੇ ਲਾਇਬ੍ਰੇਰੀ ਵਿੱਚ ਇੰਟੀਰੀਅਰ ਡੈਕੋਰੇਸ਼ਨ ਕਰਨ ਦੇ ਨਾਲ ਫ਼ਰਨੀਚਰ ਆਦਿ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਏਥੇ ਬੈਠ ਕੇ ਲੋਕ ਕਿਤਾਬਾਂ ਪੜ੍ਹ ਸਕਣ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਵਿੱਚ ਵਿਸ਼ੇਸ਼ ਤੌਰ 'ਤੇ ਈ-ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ ਜਿਸ ਤਹਿਤ ਵਿਸ਼ੇਸ਼ ਕੰਪਿਊਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਜਲਦ ਹੀ ਸ਼ੁਰੂ ਕੀਤੇ ਜਾਣਗੇ ਅਤੇ ਇਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਬਿਲਕੁਲ ਨਵੇਂ ਅਤੇ ਆਧੁਨਿਕ ਰੂਪ ਵਿੱਚ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਜ਼ਿਲ੍ਹੇ ਵਿੱਚ ਲਾਇਬ੍ਰੇਰੀ ਕਲਚਰ ਨੂੰ ਮੁੜ ਸੁਰਜੀਤ ਕੀਤਾ ਜਾਵੇ ਅਤੇ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਇਸ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਵੇਗੀ।