ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਸੰਘਰਸ਼ ਦੀ ਜਿੱਤ- ਪ੍ਰਸ਼ਾਸਨ ਅਤੇ ਪੀਸੀਏ ਪ੍ਰਧਾਨ ਦਾ ਧੰਨਵਾਦ
ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2025:ਬੀਤੇ ਵੀਰਵਾਰ ਨੂੰ ਸਿੰਗਲਾ ਮੈਡੀਕਲ ਏਜੰਸੀ ਦੇ ਸੇਲਜ਼ਮੈਨ ਗੁਰਮੀਤ ਸਿੰਘ ਦੇ ਖਿਲਾਫ ਮਿਆਦ ਪੁੱਗ ਚੁੱਕੀਆਂ ਦਵਾਈਆਂ ਦੀ ਆੜ ਵਿੱਚ ਪੁਲਿਸ ਵੱਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਗਲਤ ਮਾਮਲਾ ਦਰਜ ਕਰਨ ਤੋਂ ਬਾਅਦ ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਪੰਜਾਬ ਕੈਮਿਸਟ ਐਸੋਸੀਏਸ਼ਨ ਸਮੇਤ ਮੈਡੀਕਲ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਲਗਾਤਾਰ 2 ਦਿਨ ਦਿੱਤੇ ਗਏ ਧਰਨੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਂਚ ਕਰਕੇ ਉਕਤ ਮਾਮਲਾ ਰੱਦ ਕਰ ਦਿੱਤਾ ਅਤੇ ਗੁਰਮੀਤ ਸਿੰਘ ਜੇਲ੍ਹ ਤੋਂ ਬਾਇੱਜ਼ਤ ਰਿਹਾਅ ਹੋ ਕੇ ਘਰ ਪਹੁੰਚ ਗਿਆ। ਇਸ ਦੌਰਾਨ ਸਮੂਹ ਮੈਡੀਕਲ ਸੰਚਾਲਕਾਂ ਅਤੇ ਵਰਕਰਾਂ ਨੇ ਗੁਰਮੀਤ ਸਿੰਘ ਦੀ ਹੌਸਲਾ ਅਫਜਾਈ ਕੀਤੀ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦਾ ਸਨਮਾਨ ਕਰਦਿਆਂ ਧੰਨਵਾਦ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪੁਲੀਸ ਵੱਲੋਂ ਗੁਰਮੀਤ ਸਿੰਘ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਗਿਆ ਸੀ, ਜਿਸ ਕਾਰਨ ਕੈਮਿਸਟਾਂ ਵਿੱਚ ਰੋਹ ਦੀ ਲਹਿਰ ਸੀ ਅਤੇ ਸਮੂਹ ਕੈਮਿਸਟ ਟੀਬੀਡੀਸੀਏ ਦੀ ਅਗਵਾਈ ਵਿੱਚ ਸੜਕਾਂ ’ਤੇ ਆ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੈਮਿਸਟਾਂ ਨੇ ਲਗਾਤਾਰ ਦੋ ਦਿਨ ਰੋਸ਼ ਪ੍ਰਦਰਸ਼ਨ ਕੀਤਾ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸ਼ਾਮਲ ਹੋਏ, ਜਿਨ੍ਹਾਂ ਨੇ ਪੁਲੀਸ ਦੀ ਕਾਰਵਾਈ ’ਤੇ ਇਤਰਾਜ਼ ਜਤਾਇਆ ਸੀ।
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ, ਜਨਰਲ ਸਕੱਤਰ ਜੀਐਸ ਚਾਵਲਾ, ਅਮਰਦੀਪ ਸਿੰਘ ਮੁਹਾਲੀ, ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਤੇ ਪੂਰੀ ਟੀਮ ਨੇ ਟੀਬੀਡੀਸੀਏ ਦਾ ਪੂਰਾ ਸਾਥ ਦਿੱਤਾ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਮਿਸਟਾਂ ਵਿਚਕਾਰ ਕੜੀ ਦਾ ਰੋਲ ਅਦਾ ਕੀਤਾ ਅਤੇ ਪ੍ਰਸ਼ਾਸਨ ਨਾਲ ਗੱਲ ਕਰਕੇ ਮਾਮਲਾ ਰੱਦ ਕਰਵਾਇਆ, ਜਿਸ ਲਈ ਸਮੂਹ ਕੈਮਿਸਟ ਉਨ੍ਹਾਂ ਦਾ ਧੰਨਵਾਦ ਕਰਦੇ ਹਨ।
ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਮੈਡਮ ਅਮਨੀਤ ਕੌਂਡਲ, ਐਸ.ਪੀ.ਐਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਉਕਤ ਪ੍ਰਦਰਸ਼ਨ ਵਿੱਚ ਸਹਿਯੋਗ ਦੇਣ ਵਾਲੇ ਆਈਐਮਏ ਦੇ ਪੰਜਾਬ ਪ੍ਰਧਾਨ ਵਿਕਾਸ ਛਾਬੜਾ ਤੇ ਟੀਮ, ਹੋਲਸੇਲ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੌੜਾ ਤੇ ਟੀਮ, ਆਰਸੀਏ ਦੇ ਸੀਨੀਅਰ ਆਗੂ ਰਮੇਸ਼ ਗਰਗ ਤੇ ਟੀਮ, ਆਰਐਮਪੀ ਦੇ ਪੰਜਾਬ ਆਗੂ ਐਚਐਸ ਰਾਣੂ ਤੇ ਟੀਮ, ਪੀਐਮਆਰਏ ਦੇ ਪ੍ਰਧਾਨ ਹਰਮੀਤ ਸਿੰਘ ਤੇ ਟੀਮ, ਪੀਸੀਐਮਐਸਆਰਯੂ ਦੇ ਡੀ ਗਣੇਸ਼ ਤੇ ਟੀਮ, ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ, ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ, ਜ਼ਿਲ੍ਹਾ ਪ੍ਰਧਾਨ ਜੀਵਨ ਗੋਇਲ, ਦ੍ਰਵਜੀਤ ਠਾਕੁਰ, ਮਾਲ ਰੋਡ ਦੇ ਪ੍ਰਧਾਨ ਮਨੀਤ ਗਰਗ, ਸੇਲਜ਼ਮੈਨ ਵੱਲੋਂ ਉਨ੍ਹਾਂ ਦੇ ਆਗੂ ਹਰਨੇਕ ਸਿੰਘ ਤੇ ਉਨ੍ਹਾਂ ਦੀ ਟੀਮ, ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀਆਂ ਸਾਰੀਆਂ ਯੂਨਿਟਾਂ ਦੇ ਪ੍ਰਧਾਨ, ਸਕੱਤਰ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸੱਚਾਈ, ਏਕਤਾ ਅਤੇ ਸੰਘਰਸ਼ ਦੀ ਜਿੱਤ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੱਲ ਕੀਤਾ, ਜਿਸ ਕਾਰਨ ਪੀੜਤ ਗੁਰਮੀਤ ਸਿੰਘ ਜੇਲ੍ਹ ਤੋਂ ਬਾਇੱਜ਼ਤ ਰਿਹਾਅ ਹੋ ਕੇ ਜਲਦੀ ਆਪਣੇ ਘਰ ਪਹੁੰਚ ਗਿਆ। ਅਸ਼ੋਕ ਬਾਲਿਆਂਵਾਲੀ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੱਚ ਦੇ ਮਾਰਗ 'ਤੇ ਚੱਲਦੇ ਹੋਏ ਇਕਜੁੱਟ ਰਹਿਣ ਅਤੇ ਗਲਤ ਕੰਮ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਹਮੇਸ਼ਾ ਸੱਚੇ ਅਤੇ ਇਮਾਨਦਾਰ ਕੈਮਿਸਟਾਂ ਦੇ ਨਾਲ ਖੜ੍ਹੀ ਰਹੇਗੀ, ਪਰ ਗਲਤ ਕੰਮ ਕਰਨ ਵਾਲਿਆਂ ਦਾ ਕਦੇ ਵੀ ਕਿਸੇ ਤਰ੍ਹਾਂ ਨਾਲ ਸਮਰਥਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਭਾਈਚਾਰੇ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਗੁਰਮੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਸੱਚਾਈ, ਏਕਤਾ ਅਤੇ ਸੰਘਰਸ਼ ਦੀ ਜਿੱਤ ਹੈ। ਉਨ੍ਹਾਂ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਥ ਦੇਣ, ਕੋਈ ਵੀ ਗਲਤ ਕੰਮ ਨਾ ਕਰਨ ਅਤੇ ਗਲਤ ਕੰਮ ਕਰਨ ਵਾਲੇ ਕੈਮਿਸਟਾਂ ਦਾ ਸਾਥ ਨਾ ਦੇਣ, ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।