ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ
ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਰਜਿਸਟਰਡ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 22 ਜਨਵਰੀ 2025 - ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਵੱਲੋਂ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਤਿਆਰ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਹਨਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੂਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।
ਸ੍ਰੀ ਰਮਨ ਬਹਿਲ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਗਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।