ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ : ਸ਼ੈਰੀ ਕਲਸੀ
- ਅਸ਼ੀਰਵਾਦ ਸਕੀਮ ਤਹਿਤ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ
ਰੋਹਿਤ ਗੁਪਤਾ
ਗੁਰਦਾਸਪੁਰ, 22 ਜਨਵਰੀ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿੱਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ। ਉਨ੍ਹਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਤਹਿਤ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫ਼ੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫ਼ੀਸ ਲਈ 40 ਫ਼ੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਰਾਸ਼ੀ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਅਦਾਇਗੀ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2024-25 ਅਧੀਨ ਸਕਾਲਰਸ਼ਿਪ ਸਕੀਮ ਅਧੀਨ 2 ਲੱਖ 60 ਹਜ਼ਾਰ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਪੋਰਟਲ ਤੇ 2 ਲੱਖ 38 ਹਜ਼ਾਰ ਦੇ ਕਰੀਬ ਵਿਦਿਆਰਥੀ ਇਸ ਸਕੀਮ ਅਧੀਨ ਨਵੇਂ ਰਜਿਸਟਰਡ ਹੋਏ ਹਨ।
ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 29411 ਲਾਭਪਾਤਰੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 15672 ਲਾਭਪਾਤਰੀਆਂ ਕੁੱਲ 45083 ਲਾਭਪਾਤਰੀਆਂ ਨੂੰ 229.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਇਸ ਸਕੀਮ ਅਧੀਨ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਗ਼ਰੀਬ ਪਰਿਵਾਰ ਘਰੋਂ ਹੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ 'ਤੇ ਅਪਲਾਈ ਕਰ ਸਕਦੇ ਹਨ।