ADC ਵੱਲੋਂ ਅੰਤਰਰਾਸ਼ਟਰੀ ਸਹਿਕਾਰਤਾ ਸਾਲ-2025 ਦੀ ਸਫ਼ਲਤਾ ਲਈ ਵੱਖ-ਵੱਖ ਵਿਭਾਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ’ਤੇ ਜ਼ੋਰ
ਜਲੰਧਰ, 22 ਜਨਵਰੀ 2025: ਅੰਤਰ ਰਾਸ਼ਟਰੀ ਸਹਿਕਾਰਤਾ ਸਾਲ-2025 ਸਬੰਧੀ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅੰਤਰ ਰਾਸ਼ਟਰੀ ਸਹਿਕਾਰਤਾ ਸਾਲ-2025 ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਸਹਿਕਾਰਤਾ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ ਤਾਂ ਜੋ ਅੰਤਰ ਰਾਸ਼ਟਰੀ ਸਹਿਕਾਰਤਾ ਸਾਲ ਨੂੰ ਸਫ਼ਲਤਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।
ਮਹਾਜਨ ਨੇ, ਜਿਸ ਖੇਤਰ ਵਿੱਚ ਦੁੱਧ ਉਤਪਾਦਨ, ਮੱਛੀ ਪਾਲਣ, ਪਸ਼ੂ ਪਾਲਣ ਦਾ ਧੰਦਾ ਹੋਰ ਪ੍ਰਫੁੱਲਿਤ ਹੋ ਸਕਦਾ ਹੈ, ਉਥੇ ਨਵੀਆਂ ਸਹਿਕਾਰੀ ਸਭਾਵਾਂ ਦੀ ਸਥਾਪਨਾ ਲਈ ਸਹਿਕਾਰਤਾ ਵਿਭਾਗ ਨਾਲ ਤਾਲਮੇਲ ਕਰਨ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਵੱਲੋਂ ਮੋਨੀਟਰ ਕੀਤੀਆਂ ਜਾਂਦੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਹਰੇਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ।
ਇਸ ਦੌਰਾਨ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ ਜਲੰਧਰ ਗੁਰਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੀਆਂ 239 ਬਹੁਮੰਤਵੀ ਸਹਿਕਾਰੀ ਸਭਾਵਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਰਿਪੋਰਟ ਵੀ ਪੇਸ਼ ਕੀਤੀ।
ਇਸ ਮੌਕੇ ਖੇਤੀਬਾੜੀ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।