ਬੁਨਿਆਦੀ ਢਾਂਚੇ ਤੇ ਇਮਾਰਤਾਂ ਵਿੱਚ ਸੁਧਾਰ ਲਈ 450 ਕਰੋੜ ਦਾ ਕਰਜਾ ਲਵੇਗੀ ਪੰਜਾਬ ਪੁਲਿਸ:ਡੀਜੀਪੀ
ਅਸ਼ੋਕ ਵਰਮਾ
ਬਠਿੰਡਾ,23 ਜਨਵਰੀ2025: ਹੁਡਕੋ ਤੋਂ 450 ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਅਤੇ ਇਮਾਰਤਾਂ ਦਾ ਸੁਧਾਰ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ ਵਿੱਚ ਬਣੇ ਪੁਲੀਸ ਕਾਨਫਰੰਸ ਹਾਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਪੰਜਾਬ ਵਿੱਚ ਹੋਏ ਸਾਰੇ ਗ੍ਰੇਨੇਡ ਹਮਲਿਆਂ ਦੇ ਮਾਮਲਿਆਂ ਨੂੰ ਸੁਲਝਾਲਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੇਸਾਂ ਨਾਲ ਜੁੜੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਵਿਭਾਗ ਨਾਲ ਸਬੰਧਤ ਸਵਾਲਾਂ ਦੇ ਜਵਾਬ ਵਿੱਚ ਡੀਜੀਪੀ ਨੇ ਕਿਹਾ ਕਿ ਹੁਡਕੋ ਤੋਂ 450 ਕਰੋੜ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਅਤੇ ਇਮਾਰਤਾਂ ਵਿੱਚ ਸੁਧਾਰ ਕੀਤਾ ਜਾਵੇਗਾ। ਨਫਰੀ ਦੀ ਘਾਟ ਸਬੰਧੀ ਡੀਜੀਪੀ ਨੇ ਕਿਹਾ ਕਿ ਇਸ ਵੇਲੇ ਲਗਭਗ 10 ਹਜ਼ਾਰ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਵਿੱਚ 140 ਦੇ ਕਰੀਬ ਥਾਣਿਆਂ ਨੂੰ ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਲਗਾਤਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਿਸ ਕਾਰਨ ਈਡੀਪੀ ਇਨਫੋਰਸਮੈਂਟ ਡਿਕਸ਼ਨਰੀ ਪ੍ਰੋਵੇਨੈਂਸ ਦੇ ਆਧਾਰ ’ਤੇ ਕੰਮ ਕਰ ਰਹੀ ਹੈ।ਵਿਦੇਸ਼ ’ਚ ਰਹਿ ਕੇ ਭਾਰਤ ਵਿਰੁੱਧ ਏਜੰਡਾ ਚਲਾ ਰਹੇ ਅੱਤਵਾਦੀ ਗੁਰਪੰਥਵੰਤ ਸਿੰਘ ਪੰਨੂ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਡੀਜੀਪੀ ਗੌਰਵ ਯਾਦਵ ਨੇ 31 ਜਨਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਮੁਖੀ ਪ੍ਰਮੋਦ ਬਾਨ ਦੇ ਸੇਵਾਮੁਕਤ ਹੋਣ ਤੋਂ ਬਾਅਦ ਨਵੇਂ ਐਸਆਈਟੀ ਮੁਖੀ ਦੀ ਨਿਯੁਕਤੀ ਸਬੰਧੀ ਸਵਾਲ ਦਾ ਕੋਈ ਜਵਾਬ ਦੇਣ ਤੋ ਪਾਸਾ ਵੱਟਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਤੇ ਫਿਲਹਾਲ ਕੋਈ ਟਿੱਪਣੀ ਨਹੀਂ ਕਰ ਸਕਦੇ।
ਤਿੰਨ ਰੇਂਜਾਂ ਦੇ ਅਫਸਰਾਂ ਨਾਲ ਮੀਟਿੰਗ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਫਿਰੋਜ਼ਪੁਰ, ਪਟਿਆਲਾ ਅਤੇ ਬਠਿੰਡਾ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਨੇ ਵੱਧ ਰਹੇ ਅਪਰਾਧਾਂ ਅਤੇ ਨਸ਼ਿਆਂ ਨੂੰ ਰੋਕਣ ਲਈ ਸਖ਼ਤ ਹੁਕਮ ਦਿੱਤੇ ਹਨ। ਇਸੇ ਮੀਟਿੰਗ ਦੌਰਾਨ ਉਨ੍ਹਾਂ ਤਿੰਨਾਂ ਰੇਂਜਾਂ ਦੇ ਪੁਲਿਸ ਅਧਿਕਾਰੀਆਂ ਨਾਲ ਅਪਰਾਧਿਕ ਮਾਮਲਿਆਂ ਸਬੰਧੀ ਵਿਚਾਰਾਂ ਕੀਤੀਆਂ। ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਅਮਨ ਕਾਨੂੰਨ ਦੇ ਮਾਮਲੇ ’ਚ ਵਧੇਰੇ ਮੁਸਤੈਦੀ ਵਰਤਣ ਅਤੇ ਅਪਰਾਧਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਜ਼ੀਰੋ ਟੌਲਰੈਂਸ ਨੀਤੀ ਜਾਰੀ ਰੱਖਣ ਦੀ ਲੋੜ ਤੇ ਵੀ ਜੋਰ ਦਿੱਤਾ।