ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈੱਸ ਰਿਹਰਸਲ
-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ. ਐਸ. ਪੀ ਡਾ. ਮਹਿਤਾਬ ਸਿੰਘ ਨੇ ਲਿਆ ਜਾਇਜ਼ਾ
-26 ਜਨਵਰੀ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਲਹਿਰਾਉਣਗੇ ਰਾਸ਼ਟਰੀ ਝੰਡਾ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 24 ਜਨਵਰੀ,2025
76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 26 ਜਨਵਰੀ ਨੂੰ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪਰੇਡ ਕਮਾਂਡਰ ਡੀ.ਐਸ.ਪੀ ਸ਼ਹਿਬਾਜ਼ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਐਨ.ਸੀ.ਸੀ ਅਤੇ ਸਕੂਲੀ ਬੈਂਡ ਵੱਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਉਪਰੰਤ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ ਅਤੇ ਰਾਸ਼ਟਰੀ ਗਾਣ ਨਾਲ ਸਮਾਪਤੀ ਹੋਈ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਮਹੱਤਵਪੂਰਨ ਦਿਵਸ ’ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਕਾਸ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ-ਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਇਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ।
ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਇਸ ਮੌਕੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਸੁਚਾਰੂ ਟ੍ਰੈਫਿਕ ਵਿਵਸਥਾ, ਪਾਰਕਿੰਗ ਅਤੇ ਬੈਰੀਕੇਡਿੰਗ ਦੇ ਵੀ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ।
ਅੱਜ ਹੋਈ ਪਰੇਡ ਅਤੇ ਮਾਰਚ ਪਾਸਟ ਵਿਚ ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ ਨੇ ਏ.ਐਸ.ਆਈ ਸਰਬਜੀਤ ਸਿੰਘ ਤੇ ਏ.ਐਸ.ਆਈ ਪਰਵੀਨ ਕੁਮਾਰ ਅਤੇ ਇਕ ਮਹਿਲਾ ਪੁਲਿਸ ਟੁਕੜੀ ਨੇ ਏ.ਐਸ.ਆਈ ਅਮਰਜੀਤ ਕੌਰ ਦੀ ਅਗਵਾਈ ਵਿਚ ਅਤੇ ਕਿਰਪਾਲ ਸਾਗਰ ਅਕੈਡਮੀ ਰਾਹੋਂ ਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਸਰਾਂ ਦੀਆਂ ਐਨ.ਸੀ.ਸੀ ਟੁਕੜੀਆਂ ਨੇ ਰਾਜਵੀਰ ਸਿੰਘ ਅਤੇ ਕਿਰਨਦੀਪ ਕੌਰ ਦੀ ਅਗਵਾਈ ਵਿਚ ਭਾਗ ਲਿਆ ਜਦਕਿ ਕੇ.ਸੀ ਪਬਲਿਕ ਸਕੂਲ ਦੇ ਬੈਂਡ ਨੇ ਇਸ ਮੌਕੇ ਮਨਮੋਹਕ ਧੁਨਾਂ ਬਿਖੇਰੀਆਂ।
ਇਸੇ ਤਰ੍ਹਾਂ ਸੱਭਿਆਚਾਰਕ ਪ੍ਰੋਗਰਾਮ ਵਿਚ ਸਕਾਲਰ ਪਬਲਿਕ ਸਕੂਲ ਜਾਡਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋ ਅਤੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਾਗ ਲਿਆ। ਇਸ ਤੋਂ ਇਲਾਵਾ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਮੱਲਪੁਰ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ।