ਗਣਤੰਤਰਤਾ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ
- ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 24 ਜਨਵਰੀ 2025 - ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ., ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਸ੍ਰੀ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।
ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ੍ਰੀ ਲਾਲ ਚੰਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਪਰੇਡ ਤੋਂ ਸਲਾਮੀ ਲੈਣਗੇ।
ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਵਿੱਚ ਸਾਮਿਲ ਹੋ ਕੇ ਰੌਣਕ ਵਿੱਚ ਵਾਧਾ ਕੀਤਾ ਜਾਵੇ ।