ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ. ਬਟਾਲਾ ਲਹਿਰਾਉਣਗੇ ਤਿਰੰਗਾ ਝੰਡਾ
ਰੋਹਿਤ ਗੁਪਤਾ
ਬਟਾਲਾ, 24 ਜਨਵਰੀ 2025 - ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਨਾਇਬ ਤਹਿਸੀਲਦਾਰ ਮਨਜੋਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਅਤੇ ਤੇਜਿੰਦਰਪਾਲ ਸਿੰਘ ਡੀ.ਐਸ.ਪੀ (ਐੱਚ) ਬਟਾਲਾ ਬਟਾਲਾ ਵਲੋ ਕੀਤਾ ਗਿਆ।
ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ।
ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਉਪਰੰਤ ਤਹਿਸੀਲਦਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।