ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
ਰੋਹਿਤ ਗੁਪਤਾ
ਗੁਰਦਾਸਪੁਰ, 24 ਜਨਵਰੀ 2025 - 26 ਜਨਵਰੀ ਨੂੰ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਦਿੱਤਿਆ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਐੱਸ.ਪੀ. ਸ੍ਰੀ ਜੁਗਰਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ, ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਦੀ ਬੈਂਡ ਟੀਮ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਸ੍ਰੀ ਦਿਲਪ੍ਰੀਤ ਸਿੰਘ ਆਈ.ਪੀ.ਐੱਸ ਵੱਲੋਂ ਕੀਤੀ ਗਈ। ਇਸ ਮੌਕੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ, ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸਰਕਾਰ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਸੰਦੇਸ਼ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਗਣਤੰਤਰ ਦਿਵਸ ਸਮਾਗਮ ਦੌਰਾਨ ਬੀ.ਐੱਸ.ਐੱਫ. ਵੱਲੋਂ ਇੱਕ ਵਿਸ਼ੇਸ਼ ਬੂਥ ਲਗਾ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿੱਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 76ਵੇਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ ਸ਼ਾਨਦਾਰ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਸੇ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐੱਸ.ਪੀਜ ਅਤੇ ਡੀ.ਐੱਸ.ਪੀਜ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟਰੈਫ਼ਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।