ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਮੌਕੇ ਕਰਵਾਈ ਜਾਣ ਵਾਲੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 24 ਜਨਵਰੀ 2025 : ਮੁਲਕ ਦੇ 76ਵੇਂ ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਵਿੱਚ ਸ਼ਾਮਲ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਵੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਏਐਸਪੀ ਸ਼੍ਰੀ ਅਨੁਭਵ ਜੈਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨੇਵਲ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਜਿੱਥੇ ਪੀ.ਟੀ. ਸ਼ੋਅ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ।
ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।
ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ ਰੁਪਿੰਦਰ ਪਾਲ ਸਿੰਘ, ਐਸਡੀਐਮ ਰਾਮਪੁਰਾ-ਕਮ-ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸ਼ਿਵਪਾਲ ਗੋਇਲ, ਸੱਭਿਆਚਾਰਕ ਪ੍ਰੋਗਰਾਮ ਦੇ ਓਵਰ ਆਲ ਇੰਚਾਰਜ ਜਸਬੀਰ ਸਿੰਘ ਗਿੱਲ, ਸੱਭਿਆਚਾਰਕ ਪ੍ਰੋਗਰਾਮ ਦੇ ਨੋਡਲ ਅਫਸਰ ਮੈਡਮ ਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਆਦਿ ਮੌਜੂਦ ਸਨ।