ਕਿਸਾਨ ਮੋਰਚੇ ਦੇ ਸੱਦੇ 'ਤੇ ਟਰੈਕਟਰ ਮਾਰਚ 'ਚ ਬੀਕੇਯੂ ਏਕਤਾ ਡਕੌਂਦਾ ਵੱਲੋਂ ਭਰਵੀਂ ਸ਼ਮੂਲੀਅਤ
- ਵਿਸ਼ਾਲ ਟਰੈਕਟਰ ਪਰੇਡ ਰਾਹੀਂ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਖਰੜਾ ਵਾਪਸ ਲੈਣ ਲਈ ਲਲਕਾਰਿਆ: ਮਨਜੀਤ ਧਨੇਰ /ਹਰਨੇਕ ਸਿੰਘ ਮਹਿਮਾ
ਦਲਜੀਤ ਕੌਰ
ਚੰਡੀਗੜ੍ਹ, 26 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਪੱਧਰੇ ਟਰੈਕਟਰ ਮਾਰਚ ਵਿੱਚ ਪੂਰੇ ਜੋਸ਼ ਨਾਲ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਮੂਲੀਅਤ ਕੀਤੀ ਗਈ। ਇਹ ਟਰੈਕਟਰ ਮਾਰਚ 'ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ' ਨੂੰ ਰੱਦ ਕਰਨ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਸਮੇਤ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਗਿਆ।
ਇਸ ਟਰੈਕਟਰ ਪਰੇਡ ਸਮੇਂ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਮੀਤ ਪ੍ਰਧਾਨਾਂ ਹਰੀਸ਼ ਨੱਢਾ, ਅਮਨਦੀਪ ਸਿੰਘ ਲਲਤੋਂ, ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਤੇਰਾਂ ਮਹੀਨੇ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰਕੇ ਕੇਂਦਰ ਦੀ ਮੋਦੀ ਹਕੂਮਤ ਨੂੰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕੀਤਾ ਸੀ ਪਰ ਸਰਕਾਰ ਦੀ ਨੀਤੀ ਤੇ ਨੀਤ ਵਿੱਚ ਕੋਈ ਫ਼ਰਕ ਨਹੀਂ ਪਿਆ। ਸਾਮਰਾਜੀ ਦਿਸ਼ਾ ਨਿਰਦੇਸ਼ਤ ਨੀਤੀਆਂ ਤੇ ਚੱਲਦਿਆਂ ਵਿਸ਼ਵ ਵਪਾਰ ਸੰਸਥਾ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੂੰ ਲਾਗੂ ਕਰ ਰਹੇ ਹਨ। ਹੁਣ ਫ਼ੇਰ ਕੇਂਦਰ ਸਰਕਾਰ ਵੱਲੋਂ ਨਵਾਂ 'ਕੌਮੀ ਖੇਤੀ ਮੰਡੀਕਰਨ ਖੇਤੀ ਖਰੜਾ' ਵੱਖ ਵੱਖ ਸਰਕਾਰਾਂ ਨੂੰ ਭੇਜ ਕੇ ਲਾਗੂ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨਾਲ ਸਰਕਾਰੀ ਮੰਡੀਆਂ ਨੂੰ ਖ਼ਤਮ ਕਰ ਕੇ ਠੇਕਾ ਖੇਤੀ ਸ਼ੁਰੂ ਕਰਨ ਰਾਹੀਂ ਇਸ ਖੇਤਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਸਾਜਿਸ਼ ਰਚੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਦੇ ਦਿਨ ਹੋਣ ਵਾਲੀ ਇਸ ਟਰੈਕਟਰ ਪਰੇਡ ਦੀਆਂ ਤਿਆਰੀਆਂ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਤਿਆਰੀ ਕੀਤੀ ਗਈ ਸੀ। ਪਿੰਡ ਇਕਾਈਆਂ ਦੇ ਆਗੂਆਂ ਨੇ ਘਰ-ਘਰ ਜਾਕੇ ਹਰ ਘਰ ਦਾ ਟਰੈਕਟਰ ਸ਼ਾਮਿਲ ਕਰਵਾਉਣ ਲਈ ਪ੍ਰਚਾਰ ਕੀਤਾ। ਟਰੈਕਟਰਾਂ ਉੱਪਰ ਝੰਡੇ ਵਗੈਰਾ ਲਾਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ। ਇਸ ਟਰੈਕਟਰ ਪਰੇਡ ਵਿੱਚ ਭਾਕਿਯੂ ਏਕਤਾ ਡਕੌਂਦਾ ਦੀਆਂ ਔਰਤ ਅਤੇ ਨੌਜਵਾਨ ਕਿਸਾਨ ਕਾਰਕੁਨਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਆਗੂਆਂ ਕਿਹਾ ਕਿ ਜੇਕਰ ਅਜੇ ਵੀ ਕੇਂਦਰ ਸਰਕਾਰ ਨੇ ਕੌਮੀ ਖੇਤੀ ਮੰਡੀਕਰਨ ਖਰੜਾ ਰੱਦ ਨਾ ਕੀਤਾ ਤਾਂ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬਾ ਕਮੇਟੀ ਨੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ ਕਰਨ ਲਈ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਹੁਣ ਤੋਂ ਹੀ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 8 ਅਤੇ 9 ਫਰਬਰੀ ਨੂੰ ਪਾਰਲੀਮੈਂਟ ਮੈਂਬਰਾਂ ਦੇ ਦਫਤਰਾਂ/ਰਿਹਾਇਸ਼ਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਅਤੇ ਵਰਕਰ ਆਪਣੇ ਟਰੈਕਟਰਾਂ ਅਤੇ ਗੱਡੀਆਂ ਸਮੇਤ 14 ਜ਼ਿਲਿਆਂ ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ , ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਮੋਹਾਲੀ ਅਤੇ ਜਲੰਧਰ ਵਿੱਚ ਇਸ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਏ।