ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ - ਡਾ ਬਲਬੀਰ ਸਿੰਘ
- ਮੋਗਾ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ
- ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ
- ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ
- ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ
ਮੋਗਾ, 26 ਜਨਵਰੀ 2025 - ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੈ ਗਾਂਧੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਾ ਬਲਬੀਰ ਸਿੰਘ ਨੇ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।
ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੱਤਾ।
ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ।
ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਸ ਦਾ ਉਹਨਾਂ ਪੂਰਾ ਵੇਰਵਾ ਪੇਸ਼ ਕੀਤਾ। ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸਰਦਾਰ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ।
ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।
ਦੱਸਣਯੋਗ ਹੈ ਕਿ ਸਮਾਗਮ ਦੌਰਾਨ 1100 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਝਾਕੀਆਂ ਵੀ ਪਰੇਡ ਮੈਦਾਨ ਵਿੱਚ ਕੱਢੀਆਂ ਗਈਆਂ।
ਉਹਨਾਂ ਦੱਸਿਆ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਹੈ।
ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।
ਉਹਨਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ।
ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫੀਸਦ ਰਾਖਵਾਂਕਰਨ ਦਾ ਉਪਬੰਧ ਵੀ ਹੈ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਰਕਾਰ ਵੱਲੋਂ ਪਿਛਲੇ ਕਰੀਬ 34 ਮਹੀਨਿਆਂ ਦੌਰਾਨ ਜਿੱਥੇ ਤਕਰੀਬਨ 50 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਉੱਥੇ ਜ਼ਿਲ੍ਹਾ ਮੋਗਾ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਾਲ 2024 ਦੌਰਾਨ 1694 ਪ੍ਰਾਰਥੀਆਂ ਨੂੰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। 2684 ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਦੇ ਨਾਲ ਜੋੜਿਆ ਗਿਆ ਅਤੇ 255 ਨੌਜਵਾਨਾਂ ਨੂੰ ਸਕਿੱਲ ਕੋਰਸ ਕਰਵਾਏ ਗਏ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ, ਜਿਸ ਨਾਲ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤਾਇਨਾਤ ਹਨ।
ਸੂਬਾ ਸਰਕਾਰ ਵੱਲੋਂ ਸਟੈਮੀ ਪ੍ਰਾਜੈਕਟ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਦਾ ਮੰਤਵ ਦਿਲ ਦੀ ਮਰਜ਼ ਤੋਂ ਪੀੜਤ ਮਰੀਜ਼ਾਂ ਲਈ ਸਮੇਂ ਸਿਰ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਇਸ ਤਹਿਤ ਟੈਨਿਕਟੀਪਲੇਸ ਇੰਜੈਕਸ਼ਨ ਮੁਫਤ ਲਗਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਟ੍ਰੋਕ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜਿਸਦਾ ਉਦੇਸ਼ ਇਸਕੇਮਿਕ ਸਟ੍ਰੋਕ ਤੋਂ ਪੀੜਤ ਮਰੀਜ਼ਾਂ ਨੂੰ ਮੁਫਤ ਮਕੈਨੀਕਲ ਥਰੋਮਬੈਕਟੋਮੀ ਪ੍ਰਦਾਨ ਕਰਨਾ ਹੈ।
ਪੰਜਾਬ ਸਰਕਾਰ ਵੱਲੋਂ ਫਰੀ ਡਰੱਗ ਪਹਿਲਕਦਮੀ ਤਹਿਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਈ.ਡੀ.ਐਲ. ਅਧੀਨ ਆਉਂਦੀਆਂ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਗੁਰਦਿਆਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਲਈ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਮੁਫਤ ਡਾਇਲਸਿਸ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ, 23 ਜ਼ਿਲ੍ਹਾ ਹਸਪਤਾਲਾਂ, 14 ਸਬ-ਡਵੀਜ਼ਨਲ ਹਸਪਤਾਲਾਂ, ਤਿੰਨ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਸਥਿਤ 40 ਡਾਇਲਸਿਸ ਕੇਂਦਰਾਂ ਵਿੱਚ 168 ਡਾਇਲਸਿਸ ਮਸ਼ੀਨਾਂ ਉਪਲੱਬਧ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਏਰੀ ਸਾਇੰਸਜ਼ ਵੀ ਲੋਕਾਂ ਨੂ ਸਮਰਪਿਤ ਕੀਤਾ ਗਿਆ ਹੈ ਜਿੱਥੇ ਲੋਕ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਪੰਜਾਬ ਦੀਆਂ ਸੜਕਾਂ ਉਤੇ ਬਿਨਾਂ ਕਿਸੇ ਰੁਕਾਵਟ ਦੇ ਸਫ਼ਰ ਨੂੰ ਯਕੀਨੀ ਬਣਾਉਣ ਲਈ 18 ਟੋਲ ਪਲਾਜਿਆਂ ਉਤੇ ਟੋਲ ਵਸੂਲੀ ਬੰਦ ਕੀਤੀ ਗਈ ਹੈ, ਜਿਸ ਨਾਲ ਯਾਤਰੀਆਂ ਨੂੰ ਸਾਲ 2024 ਦੌਰਾਨ 225 ਕਰੋੜ ਰੁਪਏ ਦਾ ਲਾਭ ਹੋਇਆ ਹੈ।
ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਹੁਣ ਨਾਗਰਿਕ ਕਿਸੇ ਵੀ ਸਰਕਾਰੀ ਦਫ਼ਤਰ ਦੇ ਚੱਕਰ ਲਗਾਉਣ ਦੀ ਬਜਾਏ ਆਪਣੇ ਘਰ ਬੈਠੇ ਹੀ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸੇਵਾ ਹਾਸਲ ਕਰ ਸਕਦੇ ਹਨ।
ਜਾਤੀ, ਰਿਹਾਇਸ਼ੀ ਅਤੇ ਆਮਦਨ ਸਰਟੀਫਿਕੇਟ ਬਣਾਉਣ ਲਈ ਹੁਣ ਪਟਵਾਰੀਆਂ ਦੇ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ। ਸਰਕਾਰ ਨੇ ਪਟਵਾਰੀਆਂ ਦੀਆਂ ਲਾਗਇਨ ਆਈ.ਡੀਜ਼ ਬਣਾ ਕੇ ਆਨਲਾਈਨ ਤਸਦੀਕ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਜਿਲ੍ਹਾ ਮੋਗਾ ਬਾਰੇ ਬੋਲਦਿਆਂ ਉਹਨਾਂ ਦੱਸਿਆ ਕਿ ਜੇਕਰ ਜ਼ਿਲ੍ਹਾ ਮੋਗਾ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ। 10.31 ਕਰੋੜ ਰੁਪਏ ਦੀ ਲਾਗਤ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ-ਕਮ-ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਮਿਊਨਿਟੀ ਲਾਇਬਰੇਰੀਆਂ ਖੋਲ੍ਹਣ ਲਈ 2 ਕਰੋੜ ਰੁਪਏ ਦਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕਮਿਊਨਿਟੀ ਲਾਇਬਰੇਰੀਆਂ ਖੋਲ੍ਹਣ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਅੱਠ ਲਾਇਬਰੇਰੀਆਂ ਸਥਾਪਿਤ ਕੀਤੀਆਂ ਜਾਣੀਆਂ ਹਨ। ਟੀ.ਬੀ. ਪ੍ਰੋਗ੍ਰਾਮ ਅਧੀਨ ਜ਼ਿਲ੍ਹਾ ਮੋਗਾ ਨੂੰ ਕ੍ਰਮਵਾਰ 2 ਵਾਰ ਸਬ ਨੈਸ਼ਨਲ ਸਰਟੀਫਿਕੇਸ਼ਨ ਸਰਵੇ ਵਿੱਚ ਬਰੋਨਜ ਮੈਡਲ ਮਿਲ ਚੁੱਕਾ ਹੈ ਅਤੇ ਸਿਲਵਰ ਮੈਡਲ ਵਾਸਤੇ ਜ਼ਿਲ੍ਹਾ ਮੋਗਾ ਨੌਮੀਨੇਟ ਕੀਤਾ ਜਾ ਚੁੱਕਾ ਹੈ। ਸਿਵਲ ਹਸਪਤਾਲ ਮੋਗਾ ਵਿਖੇ ਪੀ.ਜੀ.ਆਈ. ਵੱਲੋਂ ਜੈਨੇਟਿਕਸ ਲੈਬ ਖੋਲੀ ਗਈ ਹੈ। ਜਿਸ ਵਿੱਚ ਗਰਭਵਤੀ ਮਾਵਾਂ ਦੇ ਥੈਲੇਸੀਮੀਆਂ ਦੇ ਟੈਸਟ ਫਰੀ ਕੀਤੇ ਜਾਂਦੇ ਹਨ ਅਤੇ ਬੱਚਿਆਂ ਦੀਆਂ ਪੰਜ ਜਮਾਂਦਰੂ ਬਿਮਾਰੀਆਂ ਦਾ ਪਤਾ ਲਗਾਉਣ ਲਈ ਵੀ ਟੈਸਟ ਕੀਤੇ ਜਾਂਦੇ ਹਨ।
ਪਸ਼ੂ ਹਸਪਤਾਲ ਗਿੱਲ ਨੂੰ 15 ਲੱਖ ਦੀ ਕੀਮਤ ਵਾਲੀ ਰੈਫਰੀਜਰੇਸਨ ਵੈਨ ਅਤੇ 7 ਲੱਖ ਰੁਪਏ ਕੀਮਤਵਾਲਾ ਸੀਰਮ ਐਨਾਲਈਜ਼ਰ ਵੀ ਪਸ਼ੂਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।
ਖੇਤੀਬਾੜੀ ਵਿਭਾਗ ਦੇ ਬੀਜ ਫਾਰਮ ਦੀ ਅਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ। ਮੋਗਾ ਸ਼ਹਿਰ ਦੀ ਸੁੰਦਰਤਾ ਅਤੇ ਬਿਹਤਰੀ ਲਈ 30 ਕਰੋੜ ਰੁਪਏ ਨਾਲ ਵੱਖ ਵੱਖ ਕਾਰਜ ਕਰਵਾਏ ਗਏ ਹਨ। ਜਦਕਿ 24 ਕਰੋੜ ਰੁਪਏ ਹੋਰ ਖਰਚੇ ਜਾ ਰਹੇ ਹਨ, ਜਿਸ ਤਹਿਤ ਇੱਕ ਸ਼ਾਨਦਾਰ ਕਮਿਊਨਿਟੀ ਸੈਂਟਰ ਤਿਆਰ ਕੀਤਾ ਜਾ ਰਿਹਾ ਹੈ।
ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ,ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ (ਤਿੰਨੋ ਵਿਧਾਇਕ) ਸਪੈਸ਼ਲ ਡੀਜੀਪੀ ਸ਼੍ਰੀ ਜਤਿੰਦਰ ਜੈਨ, ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ ਧਾਲੀਵਾਲ, ਸ੍ਰ ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਨਿਗਮ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸਾਬਕਾ ਐਮ ਐਲ ਏ ਵਿਜੇ ਸਾਥੀ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।