ਕਿਸਾਨ ਮੋਰਚੇ ਦੇ ਸੱਦੇ ਤੇ ਟਰੈਕਟਰ ਪਰੇਡ
ਦਲਜੀਤ ਕੌਰ
ਸੰਗਰੂਰ, 26 ਜਨਵਰੀ, 2025: ਅੱਜ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਵਿੱਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੇ ਹਿੱਸੇ ਵਜੋਂ ਸੰਗਰੂਰ ਦੀ ਅਨਾਜ ਮੰਡੀ ਵਿੱਚ ਇਕੱਠੇ ਹੋ ਕੇ ਕਿਸਾਨਾਂ ਨੇ ਟਰੈਕਟਰਾਂ ਤੇ ਦਾਣਾ ਮੰਡੀ ਤੋਂ ਭਗਤ ਸਿੰਘ ਚੌਂਕ, ਰਣਬੀਰ ਕਾਲਜ, ਪਟਿਆਲਾ ਗੇਟ, ਨਾਨਕਿਆਣਾ ਚੌਂਕ, ਨਾਭਾ ਗੇਟ, ਬੱਸ ਸਟੈਂਡ ਹੁੰਦੇ ਹੋਏ ਬਰਨਾਲਾ ਕੈਂਚੀਆਂ ਤੱਕ ਟਰੈਕਟਰ ਪਰੇਡ ਕਰਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਵੀਂ ਲਿਆਂਦੀ ਗਈ 'ਕੌਮੀ ਖੇਤੀ ਮੰਡੀਕਰਨ ਨੀਤੀ' ਦੇ ਖਰੜੇ ਨੂੰ ਰੱਦ ਕੀਤਾ ਜਾਵੇ,ਸਾਰੀਆਂ ਫਸਲਾਂ ਦੀ ਐਮਐਸਪੀ ਤੇ ਸਰਕਾਰੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਫੇਰਨ, ਕਿਸਾਨਾਂ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਹੋਣ ਤੇ 10 ਹਜਾਰ ਪ੍ਰਤੀ ਮਹੀਨਾ ਪੈਨਸ਼ਨ,ਸਾਰੀਆਂ ਫਸਲਾਂ ਦਾ ਬੀਮਾ ਕਰਨ ਸਮੇਤ ਦਿੱਲੀ ਅੰਦੋਲਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਟਰੈਕਟਰ ਮਾਰਚ ਕੀਤਾ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੋਂ ਮੰਗ ਕੀਤੀ।
ਅੱਜ ਪਹਿਲਾਂ ਕਿਸਾਨ ਅਨਾਜ ਮੰਡੀ ਸੰਗਰੂਰ ਵਿਖੇ ਇਕੱਠੇ ਹੋਏ ਜਿੱਥੇ ਰੈਲੀ ਕੀਤੀ ਗਈ ਜਿਸ ਨੂੰ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਆਗੂ ਰੋਹੀ ਸਿੰਘ ਮੰਗਵਾਲ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਹਾਦਰ ਸਿੰਘ ਦੁੱਗਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਪਾਲ ਸਿੰਘ ਨਮੋਲ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਅਤੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਇਸ ਖੇਤੀ ਨੀਤੀ ਦੇ ਖਰੜੇ ਨੂੰ ਫੌਰੀ ਰੱਦ ਕੀਤਾ ਜਾਵੇ ਅਤੇ ਪੰਜਾਬ ਵਿੱਚ ਚਿੱਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਬਾਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਪੰਜਾਬ ਵਿੱਚ ਵੱਖ-ਵੱਖ ਥਾਂ ਤੇ ਜਬਰੀ ਜਮੀਨ ਐਕਵਾਇਰ ਕਰਨ ਅਤੇ ਕਿਸਾਨਾਂ ਤੇ ਤਸ਼ੱਦਦ ਕਰਨਾ ਬੰਦ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਉੱਭਾਵਾਲ, ਸਤਵਿੰਦਰ ਸਿੰਘ ਬਹਾਦਰਪੁਰ, ਜੱਗਾ ਸਿੰਘ ਦੁੱਗਾਂ, ਜਗਤਾਰ ਸਿੰਘ ਚੰਗਾਲ, ਹਰਬੰਸ ਸਿੰਘ ਨਮੋਲ, ਖੇਤੀਬਾੜੀ ਅਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ ਨੇ ਵੀ ਸੰਬੋਧਨ ਕੀਤਾ।