ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੀ ਘਟਨਾ ਬਾਰੇ ਭਗਵੰਤ ਮਾਨ ਦਾ ਆਇਆ ਬਿਆਨ, ਪੜ੍ਹੋ ਵੇਰਵਾ
ਚੰਡੀਗੜ੍ਹ, 27 ਜਨਵਰੀ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਸਭ ਤੋਂ ਵੱਧ ਸ਼ਾਂਤਮਈ ਅਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ।