ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਦੀ ਬਦਲੀ ਸੋਚ, ਮਹਿੰਗੇ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲ ਬਣੇ ਪਹਿਲੀ ਪਸੰਦ - MLA ਚੱਢਾ
ਦਰਸ਼ਨ ਸਿੰਘ ਗਰੇਵਾਲ
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸੱਤ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਬਜ਼ੁਰਗ ਅਜਮੇਰ ਸਿੰਘ ਦੇ ਹੱਥੋਂ ਕਰਵਾਇਆ
ਰੂਪਨਗਰ, 5 ਫਰਵਰੀ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਸਿਰ ਇਹ ਸਿਹਰਾ ਜਾਂਦਾ ਹੈ ਕਿ ਇਸ ਨੇ ਸਿੱਖਿਆ ਦੇ ਖ਼ੇਤਰ ’ਚ ਕੁਝ ਅਜਿਹੇ ਇਤਿਹਾਸਕ ਕਦਮ ਚੁੱਕੇ ਹਨ, ਜਿਸ ਨੂੰ ਲੈ ਕੇ ਪੰਜਾਬ ਦੀ ਜਨਤਾ ਹੈਰਾਨ ਹੈ ਅਤੇ ਖੁਸ਼ ਹੈ ਕਿ ਪੰਜਾਬ ਦੀ ਸਿੱਖਿਆ ਨੀਤੀ ਨੇ ਸਿੱਖਿਆ ਦੇ ਖ਼ੇਤਰ ਵਿਚ ਸਰਕਾਰੀ ਸਕੂਲਾਂ ਦਾ ਪੱਧਰ ਹਜ਼ਾਰਾਂ ਰੁਪਏ ਪ੍ਰਤੀ ਮਹੀਨਾ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਕਾਫ਼ੀ ਉੱਚਾ ਚੁੱਕ ਦਿੱਤਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਸੱਤ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਇਹ ਉਦਘਾਟਨ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਦੇ ਦਾਦਾ ਸ. ਅਜਮੇਰ ਸਿੰਘ ਜੀ ਦੇ ਹੱਥੋਂ ਕਰਵਾਇਆ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਬਜ਼ੁਰਗਾਂ ਵੱਲੋਂ ਇਸ ਤਰ੍ਹਾਂ ਉਦਘਾਟਨ ਕਰਵਾਉਣ ਦੀ ਨਿਵੇਕਲੀ ਅਤੇ ਚੰਗੀ ਸੋਚ ਦਾ ਉਦੇਸ਼ ਬਜ਼ੁਰਗਾਂ ਦਾ ਮਾਣ ਸਤਿਕਾਰ ਵਧਾਉਣਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਬਣੀ ਹੈ ਉਦੋਂ ਤੋਂ ਸਕੂਲਾਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਦਾਖਲਿਆਂ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਕੂਲ ਨੂੰ ਲਗਭਗ 27 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ, ਜਿਸ ਦੇ ਵਿੱਚੋਂ 7 ਲੱਖ ਰੁਪਏ ਦੀ ਲਾਗਤ ਨਾਲ ਇਹ ਸਮਾਰਟ ਕਲਾਸਰੂਮ ਤਿਆਰ ਕੀਤੇ ਗਏ ਅਤੇ ਬਾਕੀ ਗ੍ਰਾਂਟ ਦੇ ਨਾਲ ਸਕੂਲ ਦੇ ਹੋਰ ਕੰਮ ਕਰਵਾ ਕੇ ਇਸ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਕੂਲ ਪੰਜਾਬ ਦਾ ਮਾਡਲ ਸਕੂਲ ਹੋਵੇਗਾ ਤੇ ਪ੍ਰਾਈਵੇਟ ਸਕੂਲਾਂ ਨੂੰ ਹੋਰ ਵੀ ਜਿਆਦਾ ਮਾਤ ਪਾਵੇਗਾ।
ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਾ ਹੀ ਸਟਾਫ ਬਹੁਤ ਹੀ ਮਿਹਨਤ ਤੇ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਇਸ ਸਕੂਲ ਤੋਂ ਕਿਤੇ ਜਿਆਦਾ ਘੱਟ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਮਿਆਰੀ ਸਿੱਖਿਆ ਹਾਸਿਲ ਕਰ ਸਕਣ।
ਇਸ ਉਦਘਾਟਨੀ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਇਸ ਦੇ ਨਾਲ-ਨਾਲ ਪੜ੍ਹਾਈ ਅਤੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲ ਵਿੱਚ ਮੈਗਾ ਪੀਟੀਮਐਮ ਦਾ ਆਯੋਜਨ ਵੀ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪ੍ਰੀ ਬੋਰਡ ਪ੍ਰੀਖਿਆ ਦੇ ਨੰਬਰ ਵੀ ਦੱਸੇ ਗਏ ਅਤੇ ਉਨ੍ਹਾਂ ਨੂੰ ਸਲਾਨਾ ਪ੍ਰੀਖਿਆ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ ਗਈ। ਇਸ ਮੌਕੇ ਲਾਇਬਰੇਰੀ ਦਾ ਲੰਗਰ ਵੀ ਲਗਾਇਆ ਗਿਆ ਤੇ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਦੇ ਨਾਲ ਹੀ ਵਿਧਾਇਕ ਚੱਢਾ ਵੱਲੋਂ ਪੀਟੀਮਐਮ ਮੀਟਿੰਗ ਮੌਕੇ ਬੱਚਿਆਂ ਦੇ ਆਏ ਹੋਏ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪੁੱਛਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ, ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਐਡਵੋਕੇਟ ਸਤਨਾਮ ਸਿੰਘ ਗਿੱਲ, ਇੰਦਰਜੀਤ ਸਿੰਘ ਬਾਲਾ, ਸੰਤੋਖ ਸਿੰਘ ਵਾਲੀਆਂ, ਸੁਰਜਨ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਰਿਹਾ।