ਵਿਧਾਇਕ ਜਿੰਪਾ ਨੇ 13.75 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਵਿਛਾਉਣ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 6 ਫਰਵਰੀ 2025 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਵਲੋਂ ਬੀਰਬਲ ਨਗਰ ਵਿਚ 13.75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 245 ਮੀਟਰ ਲੰਬੀ ਸੀਵਰੇਜ ਪਾਈਪਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕਾ ਵਾਸੀਆਂ ਦੀ ਸਾਲਾਂ ਪੁਰਾਣੀ ਸੀਵਰੇਜ ਸਮੱਸਿਆ ਦਾ ਸਥਾਈ ਹੱਲ ਕਰੇਗਾ। ਇਸ ਨਾਲ ਇਲਾਕਾ ਵਾਸੀਆਂ ਨੂੰ ਪਾਣੀ ਭਰਨ ਅਤੇ ਗੰਦੇ ਪਾਣੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨਗਰ ਨਿਗਮ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਸ ਤਰ੍ਹਾਂ ਦੇ ਕੰਮਾਂ ਨਾਲ ਇਲਾਕੇ ਦੀ ਸਵੱਛਤਾ ਹੋਰ ਮਜ਼ਬੂਤ ਹੋਵੇਗੀ।
ਵਿਧਾਇਕ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿਚ ਇਹ ਸੀਵਰੇਜ ਸ਼ੁਰੂ ਕੀਤਾ ਗਿਆ ਹੈ। ਪਾਈਪਲਾਈ ਵਿਛਾਉਣ ਦਾ ਕੰਮ ਜਲਦ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕ ਜਲਦ ਤੋਂ ਜਲਦ ਇਸ ਦਾ ਲਾਭ ਲੈ ਸਕਣ।
ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਜ਼ੋਰ ਦੇ ਰਹੀ ਹੈ । ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਦੇ ਹੋਰ ਹਲਕਿਆਂ ਵਿਚ ਵੀ ਸੜਕ ਨਿਰਮਾਣ, ਸੀਵਰੇਜ ਅਤੇ ਜਲ ਨਿਕਾਸੀ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਸੁਧਾਰ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਅਖੀਰ ਵਿਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਮਿਲ ਕੇ ਸ਼ਹਿਰ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਸਹਿਯੋਗ ਕਰਨ।ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਗੁਣਵੱਤਾ ਨਾਲ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਲਾਕਾ ਵਾਸੀਆਂ ਨੂੰ ਜਲਦ ਲਾਭ ਮਿਲ ਸਕੇ।ਇਸ ਮੌਕੇ ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਸੇ ਤਰ੍ਹਾਂ ਹੋਰ ਇਲਾਕਿਆਂ ਵਿਚ ਵੀ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੁਮੇਸ਼ ਸੋਨੀ, ਆਗਿਆਪਾਲ ਸਿੰਘ ਸਾਹਨੀ, ਕਪਿਲ ਕੁਮਾਰ, ਮੋਨੂੰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।