ਦੁਕਾਨਾਂ, ਵਿਦਿਅਕ ਤੇ ਵਪਾਰਕ ਅਦਾਰਿਆਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ 'ਚ ਲਿਖੇ ਜਾਣ : ਜ਼ਿਲ੍ਹਾ ਭਾਸ਼ਾ ਅਫ਼ਸਰ
- ਵਪਾਰਕ ਅਦਾਰਿਆਂ ਦੇ ਐਕਟ ਦੀ ਉਲੰਘਣਾ ਹੋਣ 'ਤੇ ਹੋਵੇਗਾ ਜੁਰਮਾਨਾ
ਰੋਹਿਤ ਗੁਪਤਾ
ਗੁਰਦਾਸਪੁਰ 6 ਫ਼ਰਵਰੀ 2025 - ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਡਾਕਟਰ ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫ਼ੁੱਲਤ ਕਰਨ ਲਈ ਅਤੇ ਇਸ ਦੇ ਮਾਣ-ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਦੁਕਾਨਾਂ, ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਤੇ ਵਪਾਰਕ ਅਦਾਰਿਆਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ 'ਚ ਪਹਿਲ ਦੇ ਆਧਾਰ 'ਤੇ ਲਿਖਣ।
ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਹੋਰ ਭਾਸ਼ਾ ਵਿੱਚ ਲਿਖਿਆ ਜਾਵੇ। ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕੀਨੀ ਬਣਾਉਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ।
ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਅਧਿਸੂਚਨਾ ਐਕਟ ਮਿਤੀ 24 ਮਾਰਚ, 2023 ਦੇ ਨਿਯਮ 23 ਅਨੁਸਾਰ ਸਾਰੇ ਵਪਾਰਕ ਅਦਾਰਿਆਂ ਦੇ ਨਾਮ/ਬੋਰਡ ਪੰਜਾਬੀ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣੇ ਲਾਜ਼ਮੀ ਹਨ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਅਜਿਹੀਆਂ ਹੋਰ ਭਾਸ਼ਾਵਾਂ ਪੰਜਾਬੀ ਭਾਸ਼ਾ ਦੇ ਹੇਠਾਂ ਹੋਣਗੀਆਂ। ਪੰਜਾਬੀ ਭਾਸ਼ਾ ਵਿੱਚ ਨਾਮ/ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ 'ਤੇ ਉੱਪਰਲੇ ਪਾਸੇ ਲਿਖਿਆ ਜਾਵੇਗਾ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾਕਟਰ ਕਲਸੀ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਵਿਅਕਤੀ/ਵਪਾਰਕ ਅਦਾਰੇ ਦਾ ਮਾਲਕ ਨਿਯਮ 23 ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਤੋਂ ਬਾਅਦ ਹਰ ਵਾਰ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।