ਪੀ ਏ ਯੂ ਵਿੱਚ ਖੇਤੀ ਮਾਹਿਰਾਂ ਨੇ ਮੌਸਮੀ ਖਤਰਿਆਂ ਦੇ ਮੱਦੇਨਜ਼ਰ ਉਤਪਾਦਨ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ
ਲੁਧਿਆਣਾ, 6 ਫਰਵਰੀ, 2025 - ਅੱਜ ਪੀ ਏ ਯੂ ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਖੇ ਹੋਈ। ਮੀਟਿੰਗ ਦੌਰਾਨ ਖੋਜ ਅਤੇ ਪਸਾਰ ਸਮੀਖਿਆ ਕਮੇਟੀ ਨੇ ਸੂਬੇ ਵਿੱਚ ਕਣਕ ਦੀ ਫ਼ਸਲ ਦੀ ਸਥਿਤੀ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਨਾਲ ਬੀਜੀ ਗਈ ਕਣਕ ਦੀ ਸਥਿਤੀ ਅਤੇ ਕਣਕ ਵਿੱਚ ਪੀਲੀ ਕੁੰਗੀ ਅਤੇ ਗੁਲਾਬੀ ਸੁੰਡੀ ਦੀ ਸਥਿਤੀ ਬਾਰੇ ਨਿੱਠ ਕੇ ਵਿਚਾਰ-ਵਟਾਂਦਰਾ ਕੀਤਾ।
ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਸਤਿਬੀਰ ਸਿੰਘ ਗੋਸਲ, ਵਾਈਸ-ਚਾਂਸਲਰ, ਪੀਏਯੂ ਨੇ ਮੌਸਮ ਦੇ ਉਤਰਾਅ-ਚੜ੍ਹਾਅ 'ਤੇ ਚਿੰਤਾ ਪ੍ਰਗਟ ਕੀਤੀ। ਪੀਏਯੂ ਦੇ ਵੀਸੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਫਸਲਾਂ ਦੀ ਉਤਪਾਦਕਤਾ ਲਈ ਗੰਭੀਰ ਖਤਰਾ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਵਾਤਾਵਰਨ ਅਨੁਕੂਲ ਫਸਲਾਂ ਦੀਆਂ ਕਿਸਮਾਂ ਅਤੇ ਤਕਨਾਲੋਜੀਆਂ ਦੇ ਵਿਕਾਸ ਰਾਹੀਂ ਜਲਵਾਯੂ ਸੰਬੰਧੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਨਿਰੰਤਰ ਯਤਨ ਜਾਰੀ ਹੈ। ਉਨ੍ਹਾਂ ਦਰਪੇਸ਼ ਸੰਕਟ ਦੌਰਾਨ ਖੇਤੀਬਾੜੀ ਨੂੰ ਵਾਤਾਵਰਨ ਸਮਾਰਟ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਵਿਗਿਆਨੀਆਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਜਲਵਾਯੂ ਪ੍ਰਤੀ ਸੁਚੇਤ ਰਹਿਣ ਲਈ ਆਗਾਹ ਕੀਤਾ। ਉਨ੍ਹਾਂ ਨੇ ਪਸਾਰ ਕਰਮੀਆਂ ਨੂੰ ਵੱਖ-ਵੱਖ ਫ਼ਸਲਾਂ 'ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਤੋਂ ਕਿਸਾਨਾਂ ਨੂੰ ਸੁਚੇਤ ਕਰਨ ਅਤੇ ਸਮੇਂ ਸਿਰ ਉਨ੍ਹਾਂ ਦੇ ਖੇਤੀ ਸੰਬੰਧੀ ਮੁੱਦਿਆਂ ਨੂੰ ਹੱਲ ਕਰਨ ਦਾ ਸੱਦਾ ਦਿੱਤਾ।
ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਕਿਹਾ ਕਿ ਸਰਕਾਰ ਨਰਮੇ ਦੀ ਕਾਸ਼ਤ ਨੂੰ ਬਰਕਰਾਰ ਰੱਖਣ ਲਈ ਭਰਪੂਰ ਯਤਨ ਕਰ ਰਹੀ ਹੈ, ਇਸ ਲਈ ਪੀਏਯੂ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਬੇਮੌਸਮੀ ਰੋਕਥਾਮ ਦੁਆਰਾ ਕਪਾਹ ਦੀ ਨਿਰੋਗੀ ਕਾਸ਼ਤ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਪਸਾਰ ਕਰਮੀਆਂ ਦੀਆਂ ਰਾਵਾਂ ਇਸ ਦਿਸ਼ਾ ਵਿਚ ਖੋਜ ਲਈ ਬੇਹੱਦ ਅਹਿਮ ਹਨ। ਨਾਲ ਹੀ ਉਨ੍ਹਾਂ ਨਰਮੇ ਦੀ ਕਾਸ਼ਤ ਦੀਆਂ ਨਵੀਆਂ ਤਕਨੀਕਾਂ ਜਿਵੇਂ ਪੌਲੀ ਬੈਗ ਵਿੱਚ ਬਿਜਾਈ, ਨਰਮੇ ਵਿੱਚ ਕੀਟ ਪ੍ਰਬੰਧਨ ਦਾ ਅਧਿਐਨ ਕਰਨ ਲਈ ਖੋਜੀਆਂ ਨੂੰ ਪ੍ਰੇਰਿਤ ਕੀਤਾ ।
ਆਪਣੀ ਸੁਆਗਤੀ ਟਿੱਪਣੀ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਨੇ ਖੇਤੀ ਦੀਆਂ ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਅਤੇ ਖੇਤੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਖੋਜ ਅਤੇ ਪਸਾਰ ਵਿਗਿਆਨੀਆਂ ਦੇ ਤਾਲਮੇਲ ਦੀ ਸ਼ਲਾਘਾ ਕੀਤੀ। ਉਨ੍ਹਾਂ ਪਾਣੀ ਦੀ ਸੁਯੋਗ ਵਰਤੋਂ ਅਤੇ ਝੋਨੇ-ਕਣਕ ਦੀ ਰਹਿੰਦ ਖੂਹੰਦ ਨੂੰ ਸਾੜਨ ਦੇ ਖੇਤਰ ਵਿਚ ਖੇਤੀ ਮਾਹਿਰਾਂ ਦੇ ਦਖਲ ਨੂੰ ਅਹਿਮ ਕਿਹਾ। ਨਾਲ ਹੀ ਉਨ੍ਹਾਂ ਨੇ ਪਸਾਰ ਮਾਹਿਰਾਂ ਨੂੰ ਕਿਹਾ ਕਿ ਆਉਣ ਵਾਲੇ ਕਣਕ ਦੀ ਵਾਢੀ ਵਿੱਚ ਕਣਕ ਦੇ ਨਾੜ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਅਤੇ ਸਾਉਣੀ ਦੀਆਂ ਫਸਲਾਂ ਲਈ ਪਾਣੀ ਬਰਕਰਾਰ ਰੱਖਣ ਵਾਲੀਆਂ ਫਸਲਾਂ ਦੀਆਂ ਕਿਸਮਾਂ ਲਈ ਜਾਗਰੂਕਤਾ ਨਿਸ਼ਾਨਾ ਹੋਣੀ ਚਾਹੀਦੀ ਹੈ । ਉਨ੍ਹਾਂ ਆਖਿਆ ਕਿ ਜੈਵਿਕ ਖਾਦਾਂ ਦੀ ਵਿਕਰੀ ਦੇ ਨਾਲ-ਨਾਲ ਖੇਤੀ ਸਾਹਿਤ, ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਅਤੇ ਪਸ਼ੂ ਪਾਲਣ ਬਾਰੇ ਉਤਸ਼ਾਹ ਦੇਣ ਦੀ ਲੋੜ ਹੈ ।
ਡਾ. ਤਰਸੇਮ ਸਿੰਘ ਢਿੱਲੋ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਨੇ ਸਭ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਦਾ ਸੰਚਾਲਨ ਕੀਤਾ। ਮੀਟਿੰਗ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ, ਫਾਰਮ ਸਲਾਹਕਾਰ ਸੇਵਾ ਕੇਂਦਰਾਂ, ਖੇਤਰੀ ਖੋਜ ਕੇਂਦਰਾਂ ਅਤੇ ਪੀ ਏ ਯੂ ਦੇ ਵਿਗਿਆਨੀਆਂ ਨੇ ਭਾਗ ਲਿਆ।