ਸ਼੍ਰੋਮਣੀ ਕਮੇਟੀ ਦੇ ਫੈਸਲੇ ਨੇ ਅੱਜ ਕਾਲਾ ਇਤਿਹਾਸ ਲਿਖਿਆ: ਹਰਮੀਤ ਕਾਲਕਾ, ਜਗਦੀਪ ਕਾਹਲੋਂ
- 2 ਦਸੰਬਰ ਦੇ ਫੈਸਲੇ ਦਾ ਬਦਲਾ ਲਿਆ ਗਿਆ
ਨਵੀਂ ਦਿੱਲੀ, 10 ਫਰਵਰੀ 2025: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਬਦਲਾਖੋਰੀ ਦੇ ਇਤਿਹਾਸ ਵਿਚ ਕਾਲੇ ਦਿਵਸ ਵਜੋਂ ਯਾਦ ਰੱਖਿਆ ਜਾਵੇਗਾ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜਿਹੜੇ ਹੁਕਮ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤੇ ਗਏ, ਉਹਨਾਂ ਨੂੰ ਖੋਰਾ ਲਾਉਣ ਵਾਸਤੇ ਵਾਰ-ਵਾਰ ਯਤਨ ਕੀਤੇ ਗਏ। ਉਹਨਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਨੂੰ ਵਰਤ ਕੇ ਜੋ ਫੈਸਲਾ ਅਕਾਲੀ ਦਲ ਨੇ ਕਰਵਾਇਆ ਹੈ, ਉਸਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੀ ਭਰਤੀ ਨੂੰ ਲੈ ਕੇ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਹ ਕਹਿੰਦੇ ਹਨ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਭਾਜਪਾ ਨਾਲ ਨੇੜਤਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਅਕਾਲੀ ਦਲ ਦੀ ਲੰਬੇ ਸਮੇਂ ਤੱਕ ਭਾਜਪਾ ਨਾਲ ਨੇੜਤਾ ਰਹੀ ਹੈ।
ਉਹਨਾਂ ਕਿਹਾ ਕਿ ਅੱਜ ਸਮੁੱਚੀ ਕੌਮ ਨੂੰ ਲੋੜ ਹੈ ਕਿ ਜਥੇਦਾਰ ਸਾਹਿਬਾਨ ਨਾਲ ਖੜ੍ਹਾ ਹੋਇਆ ਜਾਵੇ। ਉਹਨਾਂ ਕਿਹਾ ਕਿ ਜੇਕਰ ਅਸੀਂ ਅੱਜ ਵੀ ਜਥੇਦਾਰ ਸਾਹਿਬਾਨ ਨਾਲ ਖੜ੍ਹੇ ਨਾ ਹੋਏ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਸੱਟ ਵੱਜੇਗੀ। ਉਹਨਾਂ ਕਿਹਾ ਕਿ ਹੁਣ ਅਗਲਾ ਕਦਮ ਕੀ ਚੁੱਕਣਾ ਹੈ, ਇਹ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੀ ਲੈ ਸਕਦੇ ਹਨ।
ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਨੂੰ ਹਟਾਉਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ ਤੇ ਇਹ ਅਧਿਕਾਰ ਸਿਰਫ ਤੇ ਸਿਰਫ ਸ੍ਰੀ ਅਕਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਹੈ।
ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਸ਼ਚਿਤ 7 ਮੈਂਬਰੀ ਕਮੇਟੀ ਨੇ ਕਰਨੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਹੁੰਦੀ, ਸੰਗਤ ਕੋਈ ਵੀ ਹੋਰ ਫੈਸਲਾ ਪ੍ਰਵਾਨ ਨਹੀਂ ਕਰੇਗੀ ਤੇ ਹਾਲਾਤ ਹੋਰ ਵੀ ਮਾੜੇ ਹੋਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਭਾਵੇਂ ਜਥੇਦਾਰ ਸਾਹਿਬ ਦੀ ਨਿਯੁਕਤੀ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਹੈ ਪਰ ਸਮੁੱਚੀ ਕੌਮ ਜਥੇਦਾਰ ਦੀ ਨਿਯੁਕਤੀ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਕਬੂਲ ਕਰਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਲੋਕ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲ ਵੇਖ ਰਹੇ ਹਨ ਕਿ ਉਹ ਕੀ ਹੁਕਮ ਕਰਦੇ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਕੌਮ ਦੀ ਚੜ੍ਹਦੀਕਲਾ ਵਾਸਤੇ ਸਿੰਘ ਸਾਹਿਬ ਦੇ ਕਿਸੇ ਵੀ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰੇਗੀ।