ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ
- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ
ਜਲੰਧਰ, 11 ਫਰਵਰੀ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਸਮਾਜ ਵਿੱਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਅੱਜ ਇਥੇ ਸਤਿਗੁਰੂ ਰਵਿਦਾਸ ਧਾਮ, ਬੂਟਾ ਮੰਡੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਆਧੁਨਿਕ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਬਰਾਬਰੀ ਦੇ ਆਦਰਸ਼ਾਂ ’ਤੇ ਆਧਾਰਿਤ ਖੁਸ਼ਹਾਲੀ, ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਨਾਲ ਭਰਪੂਰ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਸੀਨੀਅਰ ਆਪ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਸ਼ਰਧਾਲੂ ਵਾਂਗ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਪ੍ਰਕਾਸ਼ ਪੁਰਬ ’ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਵਿੱਚ ਪੰਜਾਬ ਸਰਕਾਰ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਡਾ. ਅਗਰਵਾਲ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਦਿਵਸ ’ਤੇ ਸਤਿਗੁਰੂ ਰਵਿਦਾਸ ਧਾਮ ਵਿਖੇ ਆਉਣ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੀਆਂ ਸਟੇਜਾਂ ’ਤੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰਕਾਸ਼ ਪੁਰਬ ਨੂੰ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਦਹੁਰਾਉਂਦਿਆਂ ਲੋਕਾਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਵੀ ਦਿੱਤੀ।
ਇਸ ਤੋਂ ਪਹਿਲਾਂ ਸਤਿਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੇਠ ਸੱਤਪਾਲ ਮੱਲ, ਸੀਨੀਅਰ ਆਪ ਆਗੂ ਸਟੀਫਨ ਕਲੇਰ ਵੱਲੋਂ ਸ਼ੋਭਾ ਯਾਤਰਾ ਵਿੱਚ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਆਪ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ ਦਾ ਸਨਮਾਨ ਵੀ ਕੀਤਾ ਗਿਆ।