ਬਠਿੰਡਾ: ਇਕਲੌਤੇ ਪੁੱਤ ਦੇ ਕਤਲ ਮਾਮਲੇ 'ਚ ਪਿਤਾ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 17 ਫਰਵਰੀ 2025 :ਬਠਿੰਡਾ-ਡੱਬਵਾਲੀ ਕੌਮੀ ਸੜਕ ਮਾਰਗ ਤੇ ਪੈਂਦੇ ਪਿੰਡ ਚੱਕ ਰੂਲਦੂ ਸਿੰਘ ਵਾਲਾ ਵਿਖੇ। ਐਤਵਾਰ ਨੂੰ ਆਪਣੇ ਇਕਲੌਤੇ ਪੁੱਤਰ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਬਠਿੰਡਾ (ਦਿਹਾਤੀ) ਹਿਨਾ ਗੁਪਤਾ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੇ ਘਰੇਲੂ ਝਗੜੇ ਦੇ ਚੱਲਦਿਆਂ ਆਪਣੇ ਬੇਟੇ ਅਰਸ਼ਦੀਪ ਸਿੰਘ ਨੂੰ 12 ਬੋਰ ਦੀ ਬੰਦੂਕ ਨਾਲ ਕਥਿਤ ਤੌਰ ’ਤੇ ਗੋਲੀ ਮਾਰ ਦਿੱਤੀ ਸੀ, ਜਿਸ ਨਾਲ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਸੰਬੰਧੀ ਥਾਣਾ ਸੰਗਤ ਦੀ ਪੁਲਿਸ ਵੱਲੋਂ ਮ੍ਰਿਤਕ ਅਰਸ਼ਦੀਪ ਸਿੰਘ ਦੀ ਪਤਨੀ ਹਰਪਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਖਿਲਾਫ਼ ਧਾਰਾ 103 ਬੀਐਨਐਸ, 27, 54, 59 ਅਸਲਾ ਐਕਟ ਤਹਿਤ ਮਾਮਲਾ ਦਰਜ਼ ਕੀਤਾ ਸੀ।
ਡੀਐਸਪੀ ਹਿਨਾ ਗੁਪਤਾ ਨੇ ਦੱਸਿਆ ਕਿ ਬੀਤੇ ਦਿਨੀਂ ਪਿਉ-ਪੁੱਤਰ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਐਤਵਾਰ ਦੀ ਸਵੇਰ ਸੁਖਵਿੰਦਰ ਸਿੰਘ ਵੱਲੋਂ ਗੁੱਸੇ ’ਚ ਆ ਕੇ ਆਪਣੇ ਪੁੱਤਰ ਅਰਸ਼ਦੀਪ ਸਿੰਘ ਉੱਪਰ ਬੰਦੂਕ ਨਾਲ ਹਮਲਾ ਕਰ ਦਿੱਤਾ ਗਿਆ।
ਗੰਭੀਰ ਹਾਲਤ ਵਿੱਚ ਜ਼ਖਮੀ ਅਰਸ਼ਦੀਪ ਸਿੰਘ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।ਇਸ ਸਬੰਧੀ ਥਾਣਾ ਸੰਗਤ ’ਚ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਜਿੰਨ੍ਹਾਂ ਵੱਲੋਂ ਜਾਂਚ ਦੌਰਾਨ ਘਰੇਲੂ ਵਿਵਾਦ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।