VK ਜੰਜੂਆ ਵੱਲੋਂ 'ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਐਕਟ' ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
- ਸਮੇਂ-ਸਿਰ ਸੇਵਾਵਾਂ ਪ੍ਰਦਾਨ ਕਰਨ ’ਤੇ ਦਿੱਤਾ ਜ਼ੋਰ, ਦੇਰੀ ਹੋਣ ’ਤੇ ਜੁਰਮਾਨੇ ਦੀ ਚਿਤਾਵਨੀ
ਜਲੰਧਰ, 17 ਫਰਵਰੀ : ਪੰਜਾਬ ਰਾਜ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 'ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018' ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਜੰਜੂਆ ਨੇ ਕਿਹਾ ਕਿ ਇਹ ਐਕਟ ਸਰਕਾਰੀ ਸੇਵਾਵਾਂ ਸਮੇਂ-ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਗਾਰੰਟੀ ਦੇਣ ਲਈ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਵੱਧ ਕਿਸੇ ਵੀ ਦੇਰੀ ਲਈ ਪ੍ਰਤੀ ਮਾਮਲੇ ਵਿੱਚ 10 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾਵੇਗਾ। ਐਕਟ ਵਿੱਚ ਵੱਖ-ਵੱਖ ਸੇਵਾਵਾਂ ਲਈ ਸਪਸ਼ਟ ਸਮਾਂ ਸੀਮਾ ਦਰਸਾਈ ਗਈ ਹੈ, ਜਿਸ ਸਦਕਾ ਨਾਗਰਿਕ ਬੇਲੋੜੀ ਦੇਰੀ ਦੇ ਮਾਮਲੇ ਵਿੱਚ ਅਪੀਲ ਕਰ ਸਕਦੇ ਹਨ।
ਉਨ੍ਹਾਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਵਿੱਚ ਕਮਿਸ਼ਨ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਉਦੇਸ਼ ਰਾਜ ਭਰ ਵਿੱਚ ਪ੍ਰਸ਼ਾਸਨ ਦੀ ਕੁਸ਼ਲਤਾ ਨੂੰ ਵਧਾਉਣਾ ਅਤੇ ਸਰਕਾਰੀ ਸੇਵਾਵਾਂ ਵਿੱਚ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਕਮਿਸ਼ਨਰ ਨੂੰ ਜਲੰਧਰ ਪ੍ਰਸ਼ਾਸਨ ਵੱਲੋਂ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਕਟ ਦੀ ਪਾਲਣਾ ਲਈ ਵਚਨਬੱਧ ਹੈ। ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਜਲੰਧਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਵਿੱਚ ਸਭ ਤੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ (ਯੂ.ਟੀ.) ਸੁਨੀਲ ਫੋਗਟ, ਆਰ.ਟੀ.ਏ. ਬਲਬੀਰ ਰਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਡਾ. ਮਨਦੀਪ ਕੌਰ, ਫੀਲਡ ਅਫ਼ਸਰ ਇੰਦਰਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।