ਮੁੱਖ ਖੇਤੀਬਾੜੀ ਅਫਸਰ ਨੇ ਕੀਤਾ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਬੀਜੀ ਗਈ ਕਣਕ ਵਾਲੇ ਖੇਤਾਂ ਦਾ ਦੌਰਾ
ਸੰਜੀਵ ਜਿੰਦਲ
ਮਾਨਸਾ, 20 ਫਰਵਰੀ 2025 : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਪਿੰਡ ਤਾਮਕੋਟ ਵਿਖੇ ਕਿਸਾਨ ਜਗਰਾਜ ਸਿੰਘ ਪੁੱਤਰ ਕੌਰ ਸਿੰਘ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਕਿਸਾਨ ਨਾਲ ਫਸਲ ਸਬੰਧੀ ਗੱਲ-ਬਾਤ ਕੀਤੀ। ਇਸ ਮੌਕੇ ਕਿਸਾਨ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪਿਛਲੇ 07 ਸਾਲਾਂ ਤੋਂ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ ਅਤੇ ਇਸ ਸਾਲ ਵੀ ਉਸ ਨੇ 09 ਏਕੜ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਹੋਈ ਹੈ।
ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਟੀਮਾਂ ਵੀ ਬਿਨ੍ਹਾਂ ਨਾੜ ਨੂੰ ਅੱਗ ਲਗਾਏ ਬੀਜੀ ਗਈ ਕਣਕ ਦੇ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਬਲਾਕਾਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਕਣਕ ਦੀ ਫਸਲ ਦੀ ਹਾਲਤ ਕਾਫੀ ਵਧੀਆ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਕੀੜੇ-ਮਕੌੜੇ ਆਦਿ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੇ ਫਸਲ ਵਿੱਚ ਦਾਣੇ ਭਰਨ ਸਮੇਂ ਵੱਧ ਤਾਪਮਾਨ ਹੋ ਜਾਵੇ ਅਤੇ ਝਾੜ ਨੂੰ ਬਰਕਰਾਰ ਜਾਂ ਵਧਾਉਣ ਲਈ 2 ਫੀਸਦੀ ਪੋਟਾਸ਼ੀਅਮ ਨਾਈਟਰੇਟ (13.0.45) (4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟਰੇਟ ਨੂੰ 200 ਲਿਟਰ ਪਾਣੀ ਵਿੱਚ) ਪਹਿਲਾਂ ਸਪ੍ਰੇਅ ਗੋਭ ਵਾਲਾ ਪੱਤਾ ਨਿਕਲਣ ਅਤੇ ਦੂਜਾ ਬੂਰ ਪੈਣ ਸਮੇਂ ਕਰਨਾ ਚਾਹੀਦਾ ਹੈ ਜਾਂ 15 ਗ੍ਰਾਮ ਸੈਲੀਸਿਲਕ ਏਸਿਡ ਨੂੰ 450 ਮਿਲੀਲਿਟਰ ਈਥਾਈਲ ਅਲਕੋਹਲ ਵਿੱਚ ਘੋਲਣ ਉਪਰੰਤ 200 ਲਿਟਰ ਪਾਣੀ ਘੋਲ ਕੇ ਪਹਿਲਾ ਛਿੜਕਾਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਸਰਾ ਸਿੱਟੇ ਵਿੱਚ ਦੁੱਧ ਪੈਣ ਸਮੇਂ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਅੱਜ ਬਲਾਕ ਪੱਧਰੀ ਟੀਮਾਂ ਵੱਲੋਂ ਪਿੰਡ ਖਿਆਲਾਂ ਕਲਾਂ, ਬੁਰਜਹਰੀ, ਖੋਖਰਕਲਾਂ, ਫੂਸਮੰਡੀ, ਟਿੱਬੀ ਹਰੀ ਸਿੰਘ, ਸਤੀਕੇ ਵਿੱਚ ਝੋਨੇ ਦੀ ਨਾੜ ਨੂੰ ਬਿਨਾਂ ਅੱਗ ਲਗਾਏ ਬੀਜੀ ਗਈ ਕਣਕ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ ਹੈ।
ਇਸ ਮੌਕੇ ਡਾ. ਹਰਬੰਸ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ, ਡਾ. ਚਮਨਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਜਸਲੀਨ ਕੌਰ ਧਾਲੀਵਾਲ ਖੇਤੀਬਾੜੀ ਵਿਕਾਸ ਅਫਸਰ, ਗੁਰਬਖਸ਼ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ, ਨਿਰਮਲ ਸਿੰਘ ਮਲਕਪੁਰ, ਮੇਵਾ ਸਿੰਘ, ਕੁਲਦੀਪ ਸਿੰਘ ਖਿਆਲਾਂ ਖੁਰਦ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਮਾਨਸਾ ਖੁਰਦ, ਗੁਰਪਿਆਰ ਸਿੰਘ, ਗੁਰਪ੍ਰੀਤ ਸਿੰਘ ਰਮਦਿੱਤੇ ਵਾਲਾ ਮੌਜੂਦ ਸਨ।