22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ - ਡੱਲੇਵਾਲ
ਖਨੌਰੀ, 20 ਫਰਵਰੀ 2025 - ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 87ਵੇਂ ਦਿਨ ਵੀ ਜਾਰੀ ਰਿਹਾ, ਅੱਜ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਮੀਡੀਆ ਨੂੰ ਸੰਬੋਧਨ ਕੀਤਾ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਪਵਿੱਤਰ ਜਲ, ਮੱਕਾ-ਮਦੀਨਾ ਤੋਂ ਆਇਆ ਆਬੇ-ਜ਼ਮਜਾਮ, ਹਰਿਦੁਆਰ ਤੋਂ ਆਇਆ ਗੰਗਾ ਜਲ ਪੀਤਾ ਅਤੇ ਹਰਿਆਣਾ ਦੇ 150 ਤੋਂ ਵੱਧ ਪਿੰਡਾਂ ਦੇ ਖੇਤਾਂ ਵਿੱਚ ਲੱਗੇ ਟਿਊਬਵੈੱਲਾਂ ਤੋਂ ਆਇਆ ਪਾਣੀ ਪੀਤਾ। ਉਹਨਾਂ ਸਾਰੇ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ ਜੋ ਐਨੀ ਦੂਰ ਦੂਰ ਤੋਂ ਉਹਨਾਂ ਲਈ ਜਲ ਲੈ ਕੇ ਆਏ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੱਲ੍ਹ ਨੂੰ ਸ਼ੁਭਕਰਨ ਸਿੰਘ ਦੀ ਸ਼ਹਾਦਤ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ ਪਰ ਅਜੇ ਤੱਕ 23 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਸ਼ਹੀਦ ਕਰਨ ਵਾਲੇ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਉਹਨਾਂ ਕਿਹਾ ਕਿ ਕਿਸਾਨੀ ਦੇ ਸ਼ਹੀਦ ਸ਼ੁਭਕਰਨ ਸਿੰਘ ਨੂੰ ਕੱਲ੍ਹ ਬਠਿੰਡਾ ਦੇ ਪਿੰਡ ਬੱਲੋ, ਤਿੰਨੋਂ ਮੋਰਚਿਆਂ ਅਤੇ ਹੋਰਨਾਂ ਸੂਬਿਆਂ ਵਿੱਚ ਅਨੇਕਾਂ ਵੱਖ-ਵੱਖ ਥਾਵਾਂ ਉੱਪਰ ਸ਼ਰਧਾਂਜਲੀ ਭੇਟ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨ ਜਥੇਬੰਦੀਆਂ ਦੀ ਏਕਤਾ ਦੇ ਹੱਕ ਵਿੱਚ ਰਹੇ ਹਨ, ਇਸ ਤੋਂ ਪਹਿਲਾਂ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਏਕਤਾ ਲਈ ਜ਼ੋਰਦਾਰ ਯਤਨ ਕੀਤੇ ਸਨ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਜਿਸ ਲਈ 27 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀਆਂ ਸਾਰੀਆਂ 23 ਫਸਲਾਂ ਦੀ MSP ਉੱਪਰ ਸੰਪੂਰਨ ਖਰੀਦ ਯਕੀਨੀ ਬਣਾਉਣ ਲਈ ਪਿੱਛਲੇ ਇੱਕ ਸਾਲ ਤੋਂ MSP ਗਾਰੰਟੀ ਕਾਨੂੰਨ ਦੀ ਲੜਾਈ ਪੂਰੇ ਜ਼ੋਰ-ਸ਼ੋਰ ਨਾਲ ਲੜੀ ਜਾ ਰਹੀ ਹੈ ਅਤੇ 22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ।