ਮਾਂ ਬੋਲੀ ਦੀ ਪ੍ਰਫੁੱਲਤਾ ਲਈ ਬਹਿਣੀਵਾਲ ਵਿਖੇ ਸੈਲਫੀ ਪੁਆਇੰਟ ਸਥਾਪਤ
ਸੰਜੀਵ ਜਿੰਦਲ
ਮਾਨਸਾ 21 ਫ਼ਰਵਰੀ 2025 : ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪਿੰਡ ਬਹਿਣੀਵਾਲ ਵਿਖੇ ਮਾਂ ਬੋਲੀ ਨੂੰ ਸਮਰਪਿਤ 41 ਅੱਖਰੀਂ ਫੱਟੀ ਦੇ ਸੈਲਫੀ ਪੁਆਇੰਟ ਦਾ ਉਦਘਾਟਨ ਕਰਦਿਆਂ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਦੇ ਇਸ ਵਿਲੱਖਣ ਕਾਰਜ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪਿੰਡ ਪੱਧਰ ਤੋਂ ਮਾਂ ਬੋਲੀ ਦੀ ਪ੍ਰਫੁੱਲਤਾ ਨੂੰ ਹੋਰ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮਾਲਵਾ ਇਲਾਕੇ 'ਚ ਅਜਿਹੀ ਪਹਿਲ ਕਦਮੀਂ ਦਾ ਸਭਨਾਂ ਧਿਰਾਂ ਵੱਲ੍ਹੋਂ ਸਵਾਗਤ ਕਰਨਾ ਬਣਦਾ ਹੈ।
ਉਨ੍ਹਾਂ ਇਸ ਮੌਕੇ ਪਿੰਡ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਂ ਬੋਲੀ ਨੂੰ ਸਮਰਪਿਤ ਮਾਰਚ ਨੂੰ ਝੰਡੀ ਦੇਣ ਤੋਂ ਬਾਅਦ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੀ ਪੜ੍ਹਾਈ ਦੇ ਦੌਰਾਨ ਹੀ ਆਪਣਾ ਟੀਚਾ ਤਹਿ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਵਿਚ ਆਈ ਏ ਐੱਸ ਕਰਨ ਦਾ ਮੌਕਾ ਮਿਲਿਆ ਹੈ।
ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 'ਤੇ ਉਨ੍ਹਾਂ ਵੱਲੋਂ ਸਥਾਪਿਤ ਕੀਤੇ ਗਏ ਸੈਲਫੀ ਪੁਆਇੰਟ ਦਾ ਉਦਘਾਟਨ ਉਸ ਸ਼ਖ਼ਸੀਅਤ ਵੱਲੋਂ ਕੀਤਾ ਗਿਆ ਹੈ, ਜਿੰਨਾਂ ਨੇ ਆਪਣੀ ਮਾਤ ਭਾਸ਼ਾ ਵਿਚ ਆਈ ਏ ਐੱਸ ਕਰਕੇ ਡਿਪਟੀ ਕਮਿਸ਼ਨਰ ਬਣਕੇ ਹੋਰਨਾਂ ਵਿਕਾਸ ਕਾਰਜਾਂ ਤੋਂ ਇਲਾਵਾ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਸਭਿਆਚਾਰ ਚੇਤਨਾ ਮੰਚ ਮਾਨਸਾ ਦੇ ਪ੍ਰਧਾਨ ਹਰਿੰਦਰ ਮਾਨਸ਼ਾਹੀਆ, ਸਿੱਖਿਆ ਅਤੇ ਕਲਾ ਮੰਚ ਪੰਜਾਬ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਵੀ ਮੌਜੂਦ ਸਨ।