ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਵਿਖੇ ਗਤੀਵਿਧੀਆਂ
ਅਸ਼ੋਕ ਵਰਮਾ
ਬਠਿੰਡਾ, 22 ਫਰਵਰੀ 2025: ਸਰਕਾਰੀ ਹਾਈ ਸਮਾਰਟ ਸਕੂਲ, ਲਹਿਰਾ ਬੇਗਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਵਿਤਾ ਉਚਾਰਨ ਮੁਕਾਬਲੇ, ਸਲੋਗਨ ਰਾਈਇੰਗ ਮੁਕਾਬਲੇ, ਮੁਹਾਵਰਿਆਂ ਅਤੇ ਅਖੌਤਾਂ ਦੀ ਵਾਕਾਂ ਵਿੱਚ ਵਰਤੋਂ ਅਤੇ ਲੇਖ ਰਚਨਾ ਮੁਕਾਬਲਿਆਂ ਵਿੱਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮਾਂ ਬੋਲੀ ਪੰਜਾਬੀ ਨਾਲ਼ ਸਬੰਧਤ ਲੋਕ ਬੋਲੀਆਂ ਅਤੇ ਕੋਰਿਓਗ੍ਰਾਫੀਆਂ ਦੇ ਪ੍ਰਦਰਸ਼ਨ ਨੇ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਨੂੰ ਕੀਲ ਲਿਆ। ਇਸ ਮੌਕੇ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਉਪਰੰਤ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਦੇ ਜੀਵਨ ਵਿੱਚ ਮਾਂ-ਬੋਲੀ ਦਾ ਮਹੱਤਵ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਵਿੱਚ ਬਤੌਰ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਪਹੁੰਚੇ ਪ੍ਰੋਫੈਸਰ ਤਰਸੇਮ ਨਰੂਲਾ ਨੇ ਆਪਣੇ ਜੀਵਨ ਦੀਆਂ ਉਦਾਹਰਨਾਂ ਰਾਹੀਂ ਵਿਦਿਆਰਥੀਆਂ ਨਾਲ਼ ਵਿਸ਼ੇ ਦੀ ਸਾਂਝ ਪਾਉਂਦਿਆਂ ਵਿਦਿਆਰਥੀਆਂ ਨੂੰ ਵਿਸਰ ਰਹੇ ਪੰਜਾਬੀ ਸ਼ਬਦਾਂ ਨੂੰ ਆਪਣੀ ਬੋਲਚਾਲ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ਰਾਮਪੁਰਾ ਬਲਾਕ ਦੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਚਮਕੌਰ ਸਿੰਘ 'ਸਿੱਧੂ' ਨੇ 21 ਫਰਵਰੀ ਦੇ ਇਸ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨਾਲ਼ ਸਾਂਝ ਪਾਉਣ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਬਾਕੀ ਭਾਸ਼ਾਵਾਂ ਵਿੱਚ ਨਿਪੁੰਨਤਾ ਹਾਸਲ ਕਰਨ ਦੇ ਨਾਲ਼ ਨਾਲ਼ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਰਨੇ ਚਾਹੀਦੇ ਹਨ।
ਇਸ ਮੌਕੇ ਬੁਲਾਰੇ ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਰੁਜ਼ਗਾਰ ਦੀ ਭਾਸ਼ਾ ਪੱਖੋਂ ਸੰਭਾਵਨਾਵਾਂ ਤਲਾਸ਼ਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਵੀ ਕੀਤੀ ਕਿ ਉਹ ਹਾਈ ਲੈਵਲ ਡਾਕਟਰੀ ਅਤੇ ਇੰਜਨੀਅਰਿੰਗ ਦੇ ਕੋਰਸਾਂ ਦੀ ਪੜ੍ਹਾਈ ਵੀ ਮਾਂ ਬੋਲੀ ਪੰਜਾਬੀ ਵਿੱਚ ਕਰਨ ਲਈ ਉਪਰਾਲੇ ਕਰੇ ਤਾਂ ਜੋ ਵੱਧ ਤੋਂ ਵੱਧ ਪੇਂਡੂ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਮੁਖੀ ਕੁਲਵਿੰਦਰ ਕਟਾਰੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਸਟਾਫ਼ ਵਿੱਚੋਂ ਜਗਦੀਪ ਸਿੰਘ, ਰੁਪਿੰਦਰ ਸਿੰਘ, ਬੇਅੰਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਕਰੁਣਾ ਗਰਗ, ਪ੍ਰਤਿਭਾ ਸ਼ਰਮਾ, ਸ਼ਾਲੂ ਰਾਣੀ, ਸ਼ਵੇਤਾ ਸ਼ਰਮਾ ਮੌਜੂਦ ਸਨ। ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਸੁਧਾ ਨੇ ਬਾਖੂਬੀ ਨਿਭਾਈ।