ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਲੋਕ, ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਸਮੱਸਿਆ ਲਈ ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ
ਰੋਹਿਤ ਗੁਪਤਾ
ਬਟਾਲਾ, 24 ਫਰਵਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਗਈ ਹੋਈ ਹੈ ਜਿਸ ਵਿੱਚ 31 ਜਨਵਰੀ 2025 ਤੱਕ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਵਿੱਚੋਂ ਹੁਣ ਤੱਕ 99.70 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਸੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ 24 ਘੰਟੇ ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਖਪਤਕਾਰ ਸੈਂਟਰ ’ਤੇ ਕਾਲ ਕਰਕੇ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਪਤਾ ਸਕਦੇ ਹਨ ਅਤੇ ਉਨ੍ਹਾਂ ਦੀ ਤਸੱਲੀ ਹੋਣ ’ਤੇ ਹੀ ਸ਼ਿਕਾਇਤਾਂ ਨੂੰ ਨਿਪਟਾਇਆ ਜਾਂਦਾ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਵੱਸੋਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਸੈਨੀਟੇਸ਼ਨ ਸੇਵਾਵਾਂ ਦੇਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।